BJP's assurance: "There will be no compromise on farmers' interests."
ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ: ਪ੍ਰਸਤਾਵਿਤ ਭਾਰਤ–ਅਮਰੀਕਾ ਵਪਾਰ ਸਮਝੌਤੇ ਨੂੰ ਲੈ ਕੇ ਉੱਠ ਰਹੀਆਂ ਚਿੰਤਾਵਾਂ ਦਰਮਿਆਨ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਅਤੇ ਪਸ਼ੂ ਪਾਲਕਾਂ ਦੇ ਹਿੱਤਾਂ ਨਾਲ ਕਿਸੇ ਵੀ ਹਾਲਤ ਵਿੱਚ ਸਮਝੌਤਾ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਇਸ ਗੱਲ ਦੀ ਗਾਰੰਟੀ ਦਿੱਤੀ ਹੈ ਕਿ ਖੇਤੀਬਾੜੀ ਨਾਲ ਜੁੜੇ ਸੰਵੇਦਨਸ਼ੀਲ ਖੇਤਰਾਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ ਰਹੇਗੀ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਸਤਾਵਿਤ ਵਪਾਰ ਸਮਝੌਤੇ ਬਾਰੇ ਅਜੇ ਚਰਚਾ ਜਾਰੀ ਹੈ ਅਤੇ ਕੋਈ ਅੰਤਿਮ ਫ਼ੈਸਲਾ ਨਹੀਂ ਹੋਇਆ। ਉਨ੍ਹਾਂ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਕਰਦਿਆਂ ਦਾਅਵਾ ਕੀਤਾ ਕਿ ਕਣਕ, ਝੋਨਾ, ਦਾਲਾਂ, ਦੁੱਧ ਅਤੇ ਹੋਰ ਮਹੱਤਵਪੂਰਨ ਖੇਤੀ ਉਤਪਾਦਾਂ ਨੂੰ ਸਮਝੌਤੇ ਦੇ ਦਾਇਰੇ ਤੋਂ ਬਾਹਰ ਰੱਖਣ ਬਾਰੇ ਕੇਂਦਰ ਸਰਕਾਰ ਪਹਿਲਾਂ ਹੀ ਸਪੱਸ਼ਟ ਕਰ ਚੁੱਕੀ ਹੈ।
ਦੂਜੇ ਪਾਸੇ, ਕਿਸਾਨ ਜਥੇਬੰਦੀਆਂ ਨੇ ਵਪਾਰ ਸਮਝੌਤੇ ਨੂੰ ਲੈ ਕੇ ਆਪਣੀਆਂ ਚਿੰਤਾਵਾਂ ਜ਼ਾਹਿਰ ਕੀਤੀਆਂ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਕਿਸੇ ਵੀ ਅੰਤਰਰਾਸ਼ਟਰੀ ਵਪਾਰਕ ਸਮਝੌਤੇ ਤੋਂ ਪਹਿਲਾਂ ਖੇਤੀਬਾੜੀ ਅਤੇ ਪੇਂਡੂ ਅਰਥਵਿਵਸਥਾ 'ਤੇ ਪੈਣ ਵਾਲੇ ਪ੍ਰਭਾਵ ਦਾ ਵਿਸਥਾਰ ਨਾਲ ਮੁਲਾਂਕਣ ਹੋਣਾ ਚਾਹੀਦਾ ਹੈ। ਹਾਲ ਹੀ ਵਿੱਚ ਕਿਸਾਨਾਂ ਨੇ ਕੇਂਦਰ ਸਰਕਾਰ ਨਾਲ ਗੱਲਬਾਤ ਦੀ ਮੰਗ ਵੀ ਉਠਾਈ, ਜਿਸ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਮੀਟਿੰਗ ਦੇ ਭਰੋਸੇ ਉਪਰੰਤ ਦਿੱਲੀ ਵੱਲ ਪ੍ਰਸਤਾਵਿਤ ਮਾਰਚ ਨੂੰ ਫਿਲਹਾਲ ਟਾਲ ਦਿੱਤਾ ਗਿਆ।