Kesari ePaper Header

ਬੰਦੀ ਛੋੜ ਦਿਵਸ ਮਾਨਵਤਾ ਦੀ ਆਜ਼ਾਦੀ, ਪਰਉਪਕਾਰ ਤੇ ਹੱਕ-ਸੱਚ ਲਈ ਖੜ੍ਹਨ ਦੀ ਪ੍ਰੇਰਣਾ ਦਿੰਦਾ ਹੈ: ਐਡਵੋਕੇਟ ਧਾਮੀ

ਬੰਦੀ ਛੋੜ ਦਿਵਸ ਮਾਨਵਤਾ ਦੀ ਆਜ਼ਾਦੀ, ਪਰਉਪਕਾਰ ਤੇ ਹੱਕ-ਸੱਚ ਲਈ ਖੜ੍ਹਨ ਦੀ ਪ੍ਰੇਰਣਾ ਦਿੰਦਾ ਹੈ: ਐਡਵੋਕੇਟ ਧਾਮੀ

ਅੰਮ੍ਰਿਤਸਰ, 7 ਨਵੰਬਰ 2026 ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਹੈ ਕਿ ਇਹ ਇਤਿਹਾਸਕ ਦਿਹਾੜਾ ਮਨੁੱਖਤਾ ਦੀ ਆਜ਼ਾਦੀ, ਪਰਉਪਕਾਰ ਅਤੇ ਹੱਕ-ਸੱਚ ਲਈ ਆਵਾਜ਼ ਬੁਲੰਦ ਕਰਨ ਦੀ ਪ੍ਰੇਰਣਾ ਦਿੰਦਾ ਹੈ।

ਆਪਣੇ ਵਧਾਈ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਗਵਾਲੀਅਰ ਦੇ ਕਿਲ੍ਹੇ ਵਿੱਚੋਂ ਆਪਣੀ ਰਿਹਾਈ ਦੇ ਨਾਲ 52 ਰਾਜਿਆਂ ਨੂੰ ਵੀ ਆਜ਼ਾਦ ਕਰਵਾਉਣਾ ਵਿਸ਼ਵ ਇਤਿਹਾਸ ਵਿੱਚ ਪਰਉਪਕਾਰ, ਨਿਆਂ ਅਤੇ ਮਾਨਵਤਾ ਦੇ ਭਲੇ ਦੀ ਵਿਲੱਖਣ ਮਿਸਾਲ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਬੰਦੀ ਛੋੜ ਦਿਵਸ ਦਾ ਸੰਦੇਸ਼ ਕੇਵਲ ਆਪਣੀ ਆਜ਼ਾਦੀ ਤੱਕ ਸੀਮਤ ਨਹੀਂ ਹੈ, ਸਗੋਂ ਦੂਜਿਆਂ ਨੂੰ ਵੀ ਬੰਧਨਾਂ ਤੋਂ ਮੁਕਤ ਕਰਵਾਉਣ ਅਤੇ ਹਰ ਮਨੁੱਖ ਦੇ ਅਧਿਕਾਰਾਂ ਦੀ ਰਾਖੀ ਕਰਨ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਇਸ ਪਾਵਨ ਦਿਹਾੜੇ ਮੌਕੇ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਜੀਵਨ ਦਾ ਆਧਾਰ ਬਣਾਉਂਦਿਆਂ ਗੁਰਬਾਣੀ ਨਾਲ ਜੁੜਨ ਅਤੇ ਸੇਵਾ, ਸਿਮਰਨ ਤੇ ਪਰਉਪਕਾਰ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ। ਉਨ੍ਹਾਂ ਕਿਹਾ ਕਿ ਬੰਦੀ ਛੋੜ ਦਿਵਸ ਮੌਕੇ ਬਾਹਰੀ ਵਾਤਾਵਰਨ ਨੂੰ ਦੀਪਮਾਲਾ ਨਾਲ ਰੁਸ਼ਨਾਉਣ ਦੇ ਨਾਲ-ਨਾਲ ਗੁਰਬਾਣੀ ਜਾਪ ਅਤੇ ਗੁਰਮਤਿ ਵਿਚਾਰਾਂ ਰਾਹੀਂ ਆਪਣੇ ਮਨਾਂ ਨੂੰ ਵੀ ਰੌਸ਼ਨ ਕਰਨਾ ਚਾਹੀਦਾ ਹੈ।

8 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੌਮ ਦੇ ਨਾਂ ਸੰਦੇਸ਼

ਜ਼ਿਕਰਯੋਗ ਹੈ ਕਿ 8 ਨਵੰਬਰ ਨੂੰ ਸ਼ਾਮ 5 ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਸਿੱਖ ਕੌਮ ਦੇ ਨਾਂ ਸੰਦੇਸ਼ ਦੇਣਗੇ।

ਇਸ ਪਾਵਨ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਵੀ ਕਰਵਾਏ ਜਾ ਰਹੇ ਹਨ, ਜੋ 9 ਨਵੰਬਰ ਤੱਕ ਜਾਰੀ ਰਹਿਣਗੇ।

ਇਸੇ ਤਰ੍ਹਾਂ 8 ਨਵੰਬਰ ਦੀ ਸ਼ਾਮ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸੁੰਦਰ ਦੀਪਮਾਲਾ ਅਤੇ ਆਤਿਸ਼ਬਾਜ਼ੀ ਕੀਤੀ ਜਾਵੇਗੀ।

ਬੰਦੀ ਛੋੜ ਦਿਵਸ ਦਾ ਸੰਦੇਸ਼ ਸਾਨੂੰ ਯਾਦ ਦਿਵਾਉਂਦਾ ਹੈ ਕਿ ਅਸਲ ਆਜ਼ਾਦੀ ਸਿਰਫ਼ ਆਪਣੇ ਬੰਧਨਾਂ ਤੋਂ ਮੁਕਤ ਹੋਣਾ ਨਹੀਂ, ਸਗੋਂ ਦੂਜਿਆਂ ਦੀ ਆਜ਼ਾਦੀ ਅਤੇ ਹੱਕਾਂ ਲਈ ਵੀ ਖੜ੍ਹੇ ਹੋਣਾ ਹੈ।