SGPC President Advocate Dhami expresses deep grief over the demise of Baba Baljinder Singh Rara Sahib, Longowal's daughter and those who died in the accident
ਅੰਮ੍ਰਿਤਸਰ, 25 ਅਗਸਤ (ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ):-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ, ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਸਪੁਤਰੀ ਬੀਬਾ ਗੁਰਮਨ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਬਾਬਾ ਬਲਜਿੰਦਰ ਸਿੰਘ ਨੇ ਜਿਥੇ ਪ੍ਰੰਪਰਿਕ ਢੰਗ ਨਾਲ ਦੇਸ਼ ਵਿਦੇਸ਼ ਅੰਦਰ ਸਿੱਖੀ ਦਾ ਪ੍ਰਚਾਰ ਪ੍ਰਸਾਰ ਕੀਤਾ, ਉਥੇ ਹੀ ਉਨ੍ਹਾਂ ਵੱਲੋਂ ਗੁਰਬਾਣੀ ਨੂੰ ਡਿਜੀਟਲ ਮਾਧਿਅਮ ਰਾਹੀਂ ਸੰਗਤਾਂ ਤੱਕ ਪਹੁੰਚਾਉਣ ਲਈ ਤਿਆਰ ਕੀਤਾ ਈਸ਼ਰ ਮਾਈਕਰੋ ਮੀਡੀਆ ਕੌਮ ਲਈ ਵੱਡੀ ਦੇਣ ਹੈ। ਉਨ੍ਹਾਂ ਦੇ ਇਸ ਉਪਰਾਲੇ ਦਾ ਕੇਵਲ ਗੁਰਬਾਣੀ ਅਤੇ ਇਤਿਹਾਸ ਦੇ ਖੋਜੀ ਹੀ ਲਾਹਾ ਨਹੀਂ ਲੈ ਰਹੇ, ਸਗੋਂ ਆਮ ਸਿੱਖ ਸੰਗਤਾਂ ਵੀ ਇਸ ਦੀ ਵਰਤੋਂ ਕਰਕੇ ਗੁਰਬਾਣੀ ਅਤੇ ਗੁਰਮਤਿ ਨਾਲ ਜੁੜ ਰਹੀਆਂ ਹਨ।
*ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਬੇਟੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ*
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਸਪੁਤਰੀ ਬੀਬਾ ਗੁਰਮਨ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬੀਬਾ ਗੁਰਮਨ ਕੌਰ ਦਾ ਅਕਾਲ ਚਲਾਣਾ ਲੌਂਗੋਵਾਲ ਪਰਿਵਾਰ ਲਈ ਵੱਡਾ ਘਾਟਾ ਹੈ। ਬੱਚਿਆਂ ਦਾ ਸੰਸਾਰ ਤੋਂ ਚਲੇ ਜਾਣਾ ਮਾਪਿਆਂ ਲਈ ਵੱਡੀ ਪੀੜਾ ਹੈ।
ਐਡਵੋਕੇਟ ਧਾਮੀ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
*ਮੰਡਿਆਲਾ ’ਚ ਟੈਂਕਰ ਹਾਦਸੇ ’ਚ ਜਾਨਾਂ ਗਵਾਉਣ ਵਾਲਿਆਂ ਦੇ ਪਰਿਵਾਰਾਂ ਨਾਲ ਹਮਦਰਦੀ*
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ’ਚ ਬੀਤੇ ਦਿਨੀਂ ਹੋਏ ਐਲਪੀਜੀ ਟੈਂਕਰ ਹਾਦਸੇ ’ਚ ਜਾਨਾਂ ਗਵਾਉਣ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਗੰਭੀਰ ਹਾਦਸਾ ਸੀ, ਜਿਸ ਵਿਚ ਜਿਥੇ 7 ਜਾਨਾਂ ਗਈਆਂ ਹਨ, ਉਥੇ ਬਹੁਤ ਸਾਰੇ ਲੋਕ ਗੰਭੀਰ ਜ਼ਖ਼ਮੀ ਹੋਏ ਹਨ ਅਤੇ ਵੱਡਾ ਵਿੱਤੀ ਨੁਕਸਾਨ ਵੀ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਪੀੜਤ ਪਰਿਵਾਰਾਂ ਲਈ ਬੇਹੱਦ ਦੁਖਦਾਈ ਸਮਾਂ ਹੈ ਅਤੇ ਸ਼੍ਰੋਮਣੀ ਕਮੇਟੀ ਇਸ ਦੁੱਖ ਦੀ ਘੜੀ ਵਿਚ ਪਰਿਵਾਰਾਂ ਦੇ ਨਾਲ ਹੈ ਅਤੇ ਲੋੜ ਅਨੁਸਾਰ ਹਰ ਸੰਭਵ ਸਹਾਇਤਾ ਕਰੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਰਦਾਸ ਕੀਤੀ ਕਿ ਕਰਤਾ ਪੁਰਖ ਅਕਾਲ ਚਲਾਣਾ ਕਰਨ ਵਾਲਿਆਂ ਦੀ ਰੂਹ ਨੂੰ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। ਉਨ੍ਹਾਂ ਹਾਦਸੇ ਵਿਚ ਜ਼ਖ਼ਮੀਆਂ ਦੀ ਸਿਹਤਯਾਬੀ ਦੀ ਵੀ ਅਰਦਾਸ ਕੀਤੀ।