Government has failed in sacrilege cases, strict action should be taken against the culprits: Prince Sharifpura
ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ :
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਪ੍ਰਿੰਸ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਪ੍ਰਿੰਸ ਸ਼ਰੀਫਪੁਰਾ ਨੇ ਪੰਜਾਬ ਵਿੱਚ ਪਿਛਲੇ ਕੁਝ ਸਮੇਂ ਤੋਂ ਪਵਿੱਤਰ ਗੁਟਕਾ ਸਾਹਿਬ ਦੀ ਹੋ ਰਹੀ ਬੇਅਦਬੀ ਦੇ ਵੱਧ ਰਹੇ ਮਾਮਲਿਆਂ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾ ਰਹੀਆਂ ਹਨ, ਪਰ ਇਨ੍ਹਾਂ ਘਟਨਾਵਾਂ ‘ਤੇ ਰੋਕ ਲਗਾਉਣ ਵਿੱਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ।
ਗੁਰਪ੍ਰੀਤ ਸਿੰਘ ਪ੍ਰਿੰਸ ਸ਼ਰੀਫਪੁਰਾ ਨੇ ਕਿਹਾ ਕਿ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਵਾਲੀ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ, ਤਾਂ ਜੋ ਭਵਿੱਖ ਵਿੱਚ ਕੋਈ ਵੀ ਅਜਿਹੀ ਘਿਨੌਣੀ ਹਰਕਤ ਕਰਨ ਦੀ ਹਿੰਮਤ ਨਾ ਕਰ ਸਕੇ।
ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਬੇਅਦਬੀ ਦੀਆਂ ਵਾਪਰ ਰਹੀਆਂ ਘਟਨਾਵਾਂ ਦੀ ਗੰਭੀਰਤਾ ਨਾਲ ਜਾਂਚ ਕਰਵਾ ਕੇ ਇਨ੍ਹਾਂ ਦੇ ਪਿੱਛੇ ਲੁਕੇ ਚਿਹਰਿਆਂ ਨੂੰ ਬੇਨਕਾਬ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਏ ਦਿਨ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਕਾਰਨ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਪ੍ਰਿੰਸ ਸ਼ਰੀਫਪੁਰਾ ਨੇ ਚੇਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ ਕਿ ਜੇਕਰ ਸਰਕਾਰ ਅਜੇ ਵੀ ਇਨ੍ਹਾਂ ਘਟਨਾਵਾਂ ‘ਤੇ ਰੋਕ ਲਗਾਉਣ ਵਿੱਚ ਅਸਫਲ ਰਹੀ ਤਾਂ ਸਿੱਖ ਕੌਮ ਨੂੰ ਆਪਣੇ ਪੱਧਰ ‘ਤੇ ਸਖਤ ਫੈਸਲੇ ਲੈਣ ਲਈ ਮਜਬੂਰ ਹੋਣਾ ਪੈ ਸਕਦਾ ਹੈ।