'Will not dominate' - Majithia's announcement, talk of reuniting Akali Dal
ਚੰਡੀਗੜ੍ਹ , (ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ):-:
ਸ਼੍ਰੋਮਣੀ ਅਕਾਲੀ ਦਲ ਵਿੱਚ ਪਿਛਲੇ ਕੁਝ ਸਮੇਂ ਤੋਂ ਚੱਲ ਰਹੇ ਅੰਦਰੂਨੀ ਟਕਰਾਅ ਅਤੇ ਟੁੱਟ-ਭੱਜ ਕਾਰਨ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਕਈ ਸੀਨੀਅਰ ਸਿਆਸੀ ਆਗੂਆਂ ਦੇ ਦਲ ਤੋਂ ਵੱਖ ਹੋਣ ਮਗਰੋਂ ਹੁਣ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪਾਰਟੀ ਨੂੰ ਮੁੜ ਇਕਜੁੱਟ ਕਰਨ ਦੀ ਜ਼ਿੰਮੇਵਾਰੀ ਆਪਣੇ ਸਿਰ ਲੈਂਦਿਆਂ ਵੱਡਾ ਐਲਾਨ ਕੀਤਾ ਹੈ।
ਜੇਲ੍ਹ ਤੋਂ ਰਿਹਾਈ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹਰ ਆਗੂ ਅਤੇ ਵਰਕਰ ਨੂੰ ਇਕੱਠਾ ਕਰਕੇ ਪਾਰਟੀ ਨੂੰ ਮੁੜ ਮਜ਼ਬੂਤ ਬਣਾਉਣਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸਿਰਫ਼ ਇੱਕ ਸਿਆਸੀ ਪਾਰਟੀ ਨਹੀਂ, ਸਗੋਂ ਪੰਜਾਬ ਦੀ ਆਵਾਜ਼ ਹੈ, ਜਿਸਨੂੰ ਕਮਜ਼ੋਰ ਨਹੀਂ ਪੈਣ ਦਿੱਤਾ ਜਾਵੇਗਾ।
ਮਜੀਠੀਆ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਸਰਕਾਰ ਵਿਰੋਧੀ ਆਵਾਜ਼ਾਂ ਨੂੰ ਦਬਾਉਣ ਲਈ ਝੂਠੇ ਪੁਲੀਸ ਕੇਸ ਦਰਜ ਕਰਕੇ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਉਹ ਕਿਸੇ ਵੀ ਦਬਾਅ ਹੇਠ ਆਉਣ ਵਾਲੇ ਨਹੀਂ ਹਨ ਅਤੇ ਭਾਵੇਂ ਉਨ੍ਹਾਂ ‘ਤੇ ਹੋਰ ਕੇਸ ਦਰਜ ਕਰ ਦਿੱਤੇ ਜਾਣ, ਪਰ ਉਹ ਪੰਜਾਬ ਅਤੇ ਪੰਜਾਬੀਆਂ ਦੇ ਹੱਕ ਵਿੱਚ ਬੋਲਦੇ ਰਹਿਣਗੇ।
ਉਨ੍ਹਾਂ ਮੁਸ਼ਕਲ ਸਮੇਂ ਦੌਰਾਨ ਹਮਾਇਤ ਕਰਨ ਵਾਲੇ ਸਿਆਸੀ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨਾਲ ਸਬੰਧਤ ਆਗੂ ਵੀ ਉਨ੍ਹਾਂ ਦੇ ਨਾਲ ਖੜ੍ਹੇ ਰਹੇ ਹਨ। ਮਜੀਠੀਆ ਨੇ ਕਿਹਾ ਕਿ ਇਨਸਾਫ਼ਪਸੰਦ ਅਤੇ ਪੰਜਾਬ-ਹਿਤੈਸ਼ੀ ਤਾਕਤਾਂ ਨੂੰ ਨਾਲ ਲੈ ਕੇ ਉਹ ਸੂਬੇ ਦੀ ਰਾਖੀ ਲਈ ਸੰਘਰਸ਼ ਜਾਰੀ ਰੱਖਣਗੇ।
ਇਸ ਦੌਰਾਨ ਚੰਡੀਗੜ੍ਹ ਸਥਿਤ ਮਜੀਠੀਆ ਦੀ ਰਿਹਾਇਸ਼ ‘ਤੇ ਸਾਰਾ ਦਿਨ ਪਾਰਟੀ ਵਰਕਰਾਂ ਅਤੇ ਆਗੂਆਂ ਦੀ ਭੀੜ ਲੱਗੀ ਰਹੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਮਜੀਠੀਆ ਨਾਲ ਮੁਲਾਕਾਤ ਕਰਕੇ ਆਪਣਾ ਸਹਿਯੋਗ ਜਤਾਇਆ। ਇਸ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਆਗੂ ਐੱਨ.ਕੇ. ਸ਼ਰਮਾ ਸਮੇਤ ਕਈ ਹੋਰ ਆਗੂ ਵੀ ਮੌਜੂਦ ਰਹੇ।
ਬਿਕਰਮ ਸਿੰਘ ਮਜੀਠੀਆ ਦੇ ਬਿਆਨ ਤੋਂ ਬਾਅਦ ਸਾਫ਼ ਹੋ ਗਿਆ ਹੈ ਕਿ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਮਜ਼ਬੂਤ ਕਰਨ ਅਤੇ ਪੰਜਾਬੀ ਹਿੱਤਾਂ ਲਈ ਸਿਆਸੀ ਮੈਦਾਨ ਵਿੱਚ ਸਰਗਰਮੀ ਵਧਣ ਵਾਲੀ ਹੈ।