Shaheedi Nagar Kirtan started from Dhobari Sahib Assam and left for Manmar from Aurangabad.
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ:
ਅੰਮ੍ਰਿਤਸਰ, 8 ਅਕਤੂਬਰ (ਕੇਸਰੀ ਵਿਰਾਸਤ ਨਿਊਜ਼ਨ ਨੈੱਟਵਰਕ)-
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ, ਲੰਗਰ ਸਾਹਿਬ ਔਰੰਗਾਬਾਦ ਤੋਂ ਆਪਣੇ ਅਗਲੇ ਪੜਾਅ ਮਨਮਾੜ ਮਹਾਰਾਸ਼ਟਰ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ। ਇਸੇ ਦੌਰਾਨ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਵੀ ਸੰਗਤਾਂ ਨਾਲ ਗੁਰ-ਇਤਿਹਾਸ ਦੀ ਸਾਂਝ ਪਾਈ। ਨਗਰ ਕੀਰਤਨ ਦੀ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ। ਨਗਰ ਕੀਰਤਨ ਪ੍ਰਤੀ ਸੰਗਤਾਂ ਵਿੱਚ ਵੱਡਾ ਉਤਸ਼ਾਹ ਸੀ ਅਤੇ ਰਸਤੇ ਵਿਚ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵੱਲੋਂ ਸ਼ਰਧਾ ਨਾਲ ਸਵਾਗਤ ਕੀਤਾ ਗਿਆ। ਇਸੇ ਦੌਰਾਨ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਿੰਦਰਪਾਲ ਸਿੰਘ ਗੋਰਾ, ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਸ. ਅਮਰਜੀਤ ਸਿੰਘ ਬੰਡਾਲਾ, ਸ. ਅਮਰਜੀਤ ਸਿੰਘ ਭਲਾਈਪੁਰ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਰਾਮ ਸਿੰਘ ਰਾਠੌਰ, ਇੰਚਾਰਜ ਸ. ਮਲਕੀਤ ਸਿੰਘ, ਵਧੀਕ ਮੈਨੇਜਰ ਸ. ਯੁਵਰਾਜ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਸ. ਪ੍ਰਭਜੋਤ ਸਿੰਘ, ਔਰੰਗਬਾਦ ਤੋਂ ਸ. ਹਰਵਿੰਦਰ ਸਿੰਘ ਬਿੰਦਰਾ, ਸ. ਜਗਦੇਵ ਸਿੰਘ, ਸ. ਕੁਲਦੀਪ ਸਿੰਘ, ਸ. ਹਰਪ੍ਰੀਤ ਸਿੰਘ, ਸ੍ਰੀ ਅਕਸ਼ੈ ਕਾਰਡੀਲੇਕ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।