ਘੱਲੂਘਾਰਾ ਦਿਵਸ 'ਤੇ ਅੰਬ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ, ਕੀਰਤਨ ਤੇ ਅਰਦਾਸ ਸਮਾਗਮ
Bhog, Kirtan and Ardas ceremony of Akhand Path at Amb Sahib on Ghallughara Day
ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ : ਜੂਨ 1984 ਦੇ ਸਾਕਾ ਨੀਲਾ ਤਾਰਾ ਫ਼ੌਜੀ ਹਮਲੇ ਦੀ 42ਵੀਂ ਬਰਸੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਘੱਲੂਘਾਰਾ ਦਿਵਸ ਨੂੰ ਸ਼ਾਂਤਮਈ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਮੁਹਾਲੀ ਸਥਿਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ।
ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਭਾਈ ਜਸਪਾਲ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਇਸ ਮੌਕੇ ਸਰਬੱਤ ਦੇ ਭਲੇ ਅਤੇ ਕੌਮ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ ਗਈ।
ਸੰਗਤ ਨੂੰ ਸੰਬੋਧਨ ਕਰਦਿਆਂ ਮੁੱਖ ਗ੍ਰੰਥੀ ਭਾਈ ਚਰਨਜੀਤ ਸਿੰਘ ਨੇ ਕਿਹਾ ਕਿ ਜੂਨ 1984 ਵਿੱਚ ਉਸ ਵੇਲੇ ਦੀ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ, ਅਕਾਲ ਤਖ਼ਤ ਸਾਹਿਬ ਅਤੇ ਹੋਰ ਇਤਿਹਾਸਕ ਗੁਰਦੁਆਰਿਆਂ ’ਤੇ ਕੀਤਾ ਗਿਆ ਫ਼ੌਜੀ ਹਮਲਾ ਸਿੱਖ ਇਤਿਹਾਸ ਦੀਆਂ ਸਭ ਤੋਂ ਦੁਖਦਾਈ ਘਟਨਾਵਾਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਇਸ ਹਮਲੇ ਦੌਰਾਨ ਹਜ਼ਾਰਾਂ ਬੇਕਸੂਰ ਸਿੱਖ ਮਾਰੇ ਗਏ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਅਗਵਾਈ ਹੇਠ ਅਨੇਕਾਂ ਸਿੰਘਾਂ ਨੇ ਸ਼ਹਾਦਤ ਪ੍ਰਾਪਤ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਕਿਹਾ ਕਿ ਜੂਨ 1984 ਦਾ ਹਮਲਾ ਸਰਕਾਰ ਦੇ ਮੱਥੇ ’ਤੇ ਇੱਕ ਅਜਿਹਾ ਕਲੰਕ ਹੈ ਜੋ ਇਤਿਹਾਸ ਦੇ ਸਫ਼ਿਆਂ ’ਚ ਹਮੇਸ਼ਾ ਦਰਜ ਰਹੇਗਾ। ਉਨ੍ਹਾਂ ਕਿਹਾ ਕਿ ਭਾਵੇਂ ਇਸ ਘਟਨਾ ਨੂੰ ਚਾਰ ਦਹਾਕਿਆਂ ਤੋਂ ਵੱਧ ਸਮਾਂ ਬੀਤ ਚੁੱਕਾ ਹੈ, ਪਰ ਇਸ ਦੇ ਜ਼ਖ਼ਮ ਅੱਜ ਵੀ ਸਿੱਖ ਮਨਾਂ ਵਿੱਚ ਤਾਜ਼ਾ ਹਨ। ਉਨ੍ਹਾਂ ਆਖਿਆ ਕਿ ਜਦੋਂ ਵੀ ਇਸ ਦੁਖਾਂਤ ਦੀ ਗੱਲ ਹੁੰਦੀ ਹੈ ਤਾਂ ਦਿਲ ਵਿੱਚੋਂ ਦਰਦ ਦੀ ਇੱਕ ਚੀਸ ਉੱਠਦੀ ਹੈ।
ਸਮਾਗਮ ਦੌਰਾਨ ਐਸਜੀਪੀਸੀ ਦੇ ਮੈਨੇਜਰ ਭਾਈ ਸੁਖਵਿੰਦਰ ਸਿੰਘ, ਇਸਤਰੀ ਸਤਿਸੰਗ ਜਥਾ ਦੀ ਮੁਖੀ ਬੀਬੀ ਹਰਬੰਸ ਕੌਰ, ਜਗਜੀਤ ਸਿੰਘ ਸਿੱਧੂ, ਜਗਦੀਪ ਸਿੰਘ, ਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਸਤਵਿੰਦਰ ਸਿੰਘ ਅਤੇ ਦਲਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਰਹੀਆਂ।
ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ ਵੱਲੋਂ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੀ ਕੁਰਬਾਨੀ ਨੂੰ ਸਤਿਕਾਰ ਸਹਿਤ ਯਾਦ ਕੀਤਾ ਗਿਆ।