School children were present at the Gurmat Samagam dedicated to the 350th martyrdom anniversary at Gurdwara Sahib Patshahi Nauvi Baba Bakala Sahib.
*9 ਨਵੰਬਰ ਨੂੰ ਮੁੱਖ ਸਮਾਗਮ ਸਮੇਂ ਪੰਥਕ ਸ਼ਖਸ਼ੀਅਤਾਂ ਕਰਨਗੀਆਂ ਸ਼ਮੂਲੀਅਤ*
ਅੰਮ੍ਰਿਤਸਰ, 8 ਨਵੰਬਰ (ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ):-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਕਾਰਜਸ਼ੀਲ ਵੱਖ ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਗੁਰਮਤਿ ਸੰਗੀਤ, ਢਾਡੀ, ਕਵੀਸ਼ਰੀ, ਕਵਿਤਾ ਤੇ ਭਾਸ਼ਣ ਰਾਹੀਂ ਹਾਜ਼ਰੀ ਭਰਦਿਆਂ ਗੁਰੂ ਸਾਹਿਬ ਦੀ ਸਿਫਤ ਸਾਲਾਹ ਕੀਤੀ ਗਈ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਦੀ ਅਗਵਾਈ ਹੇਠ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸਿੱਖ ਇਤਿਹਾਸ ਨੂੰ ਰੂਪਮਾਨ ਕਰਦੀ ਪ੍ਰਦਰਸ਼ਨੀ ਵੀ ਲਗਾਈ ਗਈ ਜੋਂ ਸੰਗਤਾਂ ਲਈ ਖਿੱਚ ਦਾ ਕੇਂਦਰ ਰਹੀ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਵੱਲੋਂ ਵੀ ਚਿੱਤਰ ਪ੍ਰਦਰਸ਼ਨੀ ਤੇ ਧਾਰਮਿਕ ਪੁਸਤਕਾਂ ਦੇ ਸਟਾਲ ਲਗਾਏ ਗਏ ਸਨ। ਸਮਾਗਮ ਸਮੇਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਦਵਿੰਦਰ ਕੌਰ ਕਾਲਰਾ ਨੇ ਵੀ ਬੱਚਿਆਂ ਨਾਲ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ।
ਇਸ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਸ. ਬਲਜੀਤ ਸਿੰਘ ਜਲਾਲਉਸਮਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦਾ ਮਕਸਦ ਇਸ ਇਤਿਹਾਸਕ ਮੌਕੇ ’ਤੇ ਗੁਰੂ ਸਾਹਿਬਾਨ ਦੇ ਜੀਵਨ ਇਤਿਹਾਸ ਨੂੰ ਘਰ ਘਰ ਤੱਕ ਪਹੁੰਚਾਉਣਾ ਹੈ। ਇਸੇ ਲੜ੍ਹੀ ਤਹਿਤ ਨੌਵੇਂ ਪਾਤਸ਼ਾਹ ਜੀ ਨਾਲ ਸਬੰਧਤ ਪਾਵਨ ਅਸਥਾਨ ਤੇ ਦੋ ਦਿਨਾਂ ਸਮਾਗਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 9 ਨਵੰਬਰ ਨੂੰ ਸ਼ਤਾਬਦੀ ਨੂੰ ਸਮਰਪਿਤ ਬਾਬਾ ਬਕਾਲਾ ਸਾਹਿਬ ਵਿਖੇ ਮੁੱਖ ਸਮਾਗਮ ਹੋਵੇਗਾ, ਜਿਸ ਵਿੱਚ ਜਿਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸਿੰਘ ਸਾਹਿਬਾਨ ਤੇ ਸਿੱਖ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਹਾਜ਼ਰੀ ਭਰਨਗੀਆ, ਉਥੇ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰਬਾਣੀ ਗੁਰ ਇਤਿਹਾਸ ਨਾਲ ਜੋੜਨਗੇ। ਉਨ੍ਹਾਂ ਸੰਗਤਾਂ ਨੂੰ ਸ਼ਤਾਬਦੀ ਨੂੰ ਸਮਰਪਿਤ ਹੋ ਰਹੇ ਗੁਰਮਤਿ ਸਮਾਗਮ ਸਮੇਂ ਪਰਿਵਾਰਾਂ ਸਮੇਤ ਹਾਜ਼ਰੀਆਂ ਭਰਨ ਦੀ ਅਪੀਲ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ, ਮੈਂਬਰ ਸ. ਬਲਜੀਤ ਸਿੰਘ ਜਲਾਲਉਸਮਾ, ਸ. ਅਮਰਜੀਤ ਸਿੰਘ ਬੰਡਾਲਾ, ਭਾਈ ਅਜੈਬ ਸਿੰਘ ਅਭਿਆਸੀ, ਬੀਬੀ ਦਵਿੰਦਰ ਕੌਰ ਕਾਲਰਾ, ਸ. ਗੁਰਦਿਆਲ ਸਿੰਘ ਕਾਲਰਾ, ਡਿਪਟੀ ਡਾਇਰੈਕਟਰ ਬੀਬੀ ਸਤਵੰਤ ਕੌਰ, ਮੈਨੇਜਰ ਸ. ਸਤਿੰਦਰ ਸਿੰਘ, ਵਧੀਕ ਮੈਨੇਜਰ ਸ. ਬਲਜੀਤ ਸਿੰਘ, ਸੁਪਰਵਾਈਜ਼ਰ ਸ. ਪ੍ਰਗਟ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਪ੍ਰਚਾਰਕ ਭਾਈ ਜੱਜ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਜਸਪਾਲ ਸਿੰਘ, ਭਾਈ ਗੁਰਭੇਜ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।