ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਇਕ ਵਿਅਕਤੀ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

12 Jun 2026 | 14 Views

ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਇਕ ਵਿਅਕਤੀ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

Advocate Dhami took strict notice of an attempt by a person to commit sacrilege at Gurdwara Shaheed Baba Gurbaksh Singh Ji

*ਇਸ ਘਟਨਾ ਦੀ ਸਾਜ਼ਿਸ਼ ਕਰਨ ਵਾਲੀਆਂ ਤਾਕਤਾਂ ਨੂੰ ਸਾਹਮਣੇ ਲਿਆਉਣਾ ਬੇਹੱਦ ਜ਼ਰੂਰੀ - ਐਡਵੋਕੇਟ ਧਾਮੀ* 

ਅੰਮ੍ਰਿਤਸਰ, 11 ਜੂਨ (ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ):-

ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਇਕ ਵਿਅਕਤੀ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦੇ ਸਾਜਿਸ਼ਕਾਰਾਂ ਨੂੰ ਬੇਨਿਕਾਬ ਕਰਨ ਦੀ ਮੰਗ ਕੀਤੀ ਹੈ। ਜਾਰੀ ਪ੍ਰੈਸ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਕਿਹਾ ਕਿ ਸੇਵਾਦਾਰਾਂ ਦੀ ਮੁਸਤੈਦੀ ਨਾਲ ਬੇਅਦਬੀ ਹੋਣ ਤੋਂ ਬਚਾ ਰਿਹਾ, ਪ੍ਰੰਤੂ ਬੀਤੀ ਰਾਤ ਦੀ ਇਹ ਘਟਨਾ ਬੇਹੱਦ ਗੰਭੀਰ ਤੇ ਵੱਡੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ ਪ੍ਰੰਤੂ, ਸਰਕਾਰਾਂ ਦੀ ਨਲਾਇਕੀ ਕਾਰਨ ਕਿਸੇ ਵੀ ਦੋਸ਼ੀ ਨੂੰ ਸਜ਼ਾ ਨਹੀਂ ਮਿਲੀ।

ਉਨ੍ਹਾਂ ਕਿਹਾ ਕਿ ਕੁਝ ਸਾਲ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਇਕ ਵਿਅਕਤੀ ਨੇ ਜੰਗਲਾ ਟੱਪ ਕੇ ਬੇਅਦਬੀ ਦੀ ਕੋਸ਼ਿਸ਼ ਕੀਤੀ ਸੀ ਪਰੰਤੂ ਅੱਜ ਤੱਕ ਸਰਕਾਰਾਂ ਉਸ ਸਾਜਿਸ਼ ਦਾ ਪਤਾ ਲਗਾਉਣ ਵਿਚ ਵੀ ਨਾਕਾਮ ਰਹੀਆਂ ਹਨ। ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਨੂੰ ਬਦਨਾਮ ਕਰਨ ਅਤੇ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਸਾਜ਼ਿਸ਼ ਹੈ। ਜਿਸ ਪਿਛੇ ਕੰਮ ਕਰਦੀਆਂ ਤਾਕਤਾਂ ਨੂੰ ਸਾਹਮਣੇ ਲਿਆਂਦਾ ਜਾਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਪੁਲਿਸ ਦੀ ਹਿਰਾਸਤ ਵਿਚ ਹੈ ਜੇਕਰ ਅਜੇ ਵੀ ਇਸ ਘਟਨਾ ਦੇ ਸਾਜਿਸ਼ ਕਰਤਾ ਸਾਹਮਣੇ ਨਹੀਂ ਲਿਆਂਦੇ ਜਾਂਦੇ ਤਾਂ ਇਹ ਸਪਸ਼ਟ ਹੋਵੇਗਾ ਕਿ ਸਰਕਾਰ ਸਿੱਖ ਭਾਵਨਾਵਾਂ ਨਾਲ ਜੁੜੇ ਹੋਏ ਮਾਮਲਿਆਂ ਪ੍ਰਤੀ ਗੰਭੀਰ ਨਹੀਂ ਹੈ। ਐਡਵੋਕੇਟ ਧਾਮੀ ਨੇ ਗੁਰਦੁਆਰਾ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਅਜਿਹੇ ਲੋਕ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਾ ਹੋਣ ਇਸ ਲਈ ਸੁਚੇਤ ਹੋ ਕੇ ਸੇਵਾ ਨਿਭਾਈ ਜਾਵੇ।

Categories: SIKH PANTH RELARED NEWS ਸਿੱਖ ਸੰਸਥਾਵਾਂ/ ਸੇਵਾਵਾਂ

Tags: KESARI VIRASAT

Published on: 12 Jun 2026

Gurpreet Singh Sandhu
+91 9592669498
📣 Share this post

Latest News

Browse the newest posts, featured stories, and curated updates from our latest publication.

View all