ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

09 Apr 2026 | 192 Views

ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

Gurmat celebrations held on the occasion of the birth anniversary of Guru Arjan Dev Ji

 

*ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰਦੁਆਰਾ ਰਾਮਸਰ ਸਾਹਿਬ ਤੇ ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤ ਹੋਈ ਨਤਮਸਤਕ*

 

ਅੰਮ੍ਰਿਤਸਰ, 9 ਅਪ੍ਰੈਲ (ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ):-

 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਪਾਵਨ ਅਸਥਾਨ ਗੁਰਦੁਆਰਾ ਟਾਹਲੀ ਸਾਹਿਬ ਸੰਤੋਖਸਰ ਸਾਹਿਬ ਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸ਼੍ਰੋਮਣੀ ਕਮੇਟੀ ਵੱਲੋਂ ਸੇਵਕ ਜਥਾ ਇਸ਼ਨਾਨ ਗੁਰਦੁਆਰਾ ਸੰਤੋਖਸਰ ਸਾਹਿਬ ਅਤੇ ਸੰਗਤਾਂ ਦੇ ਸਹਿਯੋਗ ਨਾਲ ਪੰਜਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰਦੁਆਰਾ ਸੰਤੋਖਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਗੁਰ-ਸ਼ਬਦ ਦੀ ਵਿਚਾਰ ਕੀਤੀ ਅਤੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਮਨੁੱਖਤਾ ਲਈ ਚਾਨਣ-ਮੁਨਾਰਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਵੱਡਾ ਪਰਉਪਕਾਰ ਕਰਦਿਆਂ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਤਿਆਰ ਕਰਵਾਇਆ ਅਤੇ ਸੰਗਤਾਂ ਨੂੰ ਸ਼ਬਦ ਨਾਲ ਜੋੜਿਆ। ਐਡਵੋਕੇਟ ਧਾਮੀ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਲੈਣ ਅਤੇ ਗੁਰਬਾਣੀ ਉਪਦੇਸ਼ਾਂ ’ਤੇ ਚੱਲਣ ਦੀ ਅਪੀਲ ਵੀ ਕੀਤੀ। 

ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਅਲੌਕਿਕ ਜਲੌ ਵੀ ਸਜਾਏ ਗਏ। ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਵਿਖੇ ਗੁਰਮਤਿ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪੰਥ ਪ੍ਰਸਿੱਧ ਕਥਾਵਾਚਕਾਂ ਨੇ ਸੰਗਤਾਂ ਨਾਲ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ।

 ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਬੀਬੀ ਹਰਜਿੰਦਰ ਕੌਰ, ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਵਿੰਦਰ ਸਿੰਘ ਦੇਵੀਦਾਸਪੁਰਾ, ਸੇਵਕ ਜਥਾ ਇਸ਼ਨਾਨ ਦੇ ਪ੍ਰਧਾਨ ਸ. ਤਰਲੋਚਨ ਸਿੰਘ, ਸ. ਬਲਬੀਰ ਸਿੰਘ, ਸ. ਮਨਜੀਤ ਸਿੰਘ, ਗਿਆਨੀ ਯਾਦਵਿੰਦਰ ਸਿੰਘ, ਪ੍ਰਚਾਰਕ ਭਾਈ ਸਤਵੰਤ ਸਿੰਘ ਆਦਿ ਹਾਜ਼ਰ ਸਨ।

 

Categories: SIKH PANTH RELARED NEWS ਸਿੱਖ ਸੰਸਥਾਵਾਂ/ ਸੇਵਾਵਾਂ

Tags: KESARI VIRASAT

Published on: 09 Apr 2026

Gurpreet Singh Sandhu
+91 9592669498
📣 Share this post

Latest News

View all