ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ :
ਪ੍ਰਸਤਾਵਿਤ ਹਜ਼ੂਰ ਸਾਹਿਬ ਐਕਟ-2026 ਨੂੰ ਲੈ ਕੇ ਉੱਠੇ ਵਿਵਾਦ ਦਰਮਿਆਨ ਮਹਾਰਾਸ਼ਟਰ ਸਰਕਾਰ ਨੇ ਮਹੱਤਵਪੂਰਨ ਫ਼ੈਸਲਾ ਲੈਂਦਿਆਂ ਸਪੱਸ਼ਟ ਕੀਤਾ ਹੈ ਕਿ ਬਿੱਲ ਨੂੰ ਵਿਧਾਨ ਸਭਾ ਵਿੱਚ ਪੇਸ਼ ਕਰਨ ਤੋਂ ਪਹਿਲਾਂ ਸਿੱਖ ਧਾਰਮਿਕ ਜਥੇਬੰਦੀਆਂ, ਵਿਦਵਾਨਾਂ ਅਤੇ ਹੋਰ ਸਬੰਧਤ ਧਿਰਾਂ ਨਾਲ ਵਿਆਪਕ ਸਲਾਹ-ਮਸ਼ਵਰਾ ਕੀਤਾ ਜਾਵੇਗਾ। ਸਰਕਾਰ ਦੇ ਇਸ ਕਦਮ ਦਾ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਵਾਗਤ ਕਰਦਿਆਂ ਇਸ ਨੂੰ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਨਮਾਨ ਕਰਾਰ ਦਿੱਤਾ ਹੈ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਲ ਸਬੰਧਤ ਕਿਸੇ ਵੀ ਕਾਨੂੰਨੀ ਢਾਂਚੇ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਸਿੱਖ ਪੰਥ ਦੀ ਰਾਇ ਲੈਣੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਇਹ ਕੇਵਲ ਕਾਨੂੰਨੀ ਜਾਂ ਪ੍ਰਸ਼ਾਸਨਿਕ ਮਾਮਲਾ ਨਹੀਂ, ਸਗੋਂ ਕਰੋੜਾਂ ਸਿੱਖਾਂ ਦੀ ਆਸਥਾ, ਧਾਰਮਿਕ ਪਰੰਪਰਾ ਅਤੇ ਇਤਿਹਾਸਕ ਵਿਰਾਸਤ ਨਾਲ ਜੁੜਿਆ ਬਹੁਤ ਹੀ ਸੰਵੇਦਨਸ਼ੀਲ ਵਿਸ਼ਾ ਹੈ।
ਜਾਣਕਾਰੀ ਅਨੁਸਾਰ ਇਸ ਮੁੱਦੇ 'ਤੇ ਹੋਈ ਉੱਚ ਪੱਧਰੀ ਚਰਚਾ ਵਿੱਚ ਕੇਵਲ ਸਿੰਘ ਢਿੱਲੋਂ ਟੈਲੀਫੋਨ ਰਾਹੀਂ ਸ਼ਾਮਲ ਹੋਏ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਵੇਂ ਕਾਨੂੰਨ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਸਿੱਖ ਨੁਮਾਇੰਦਿਆਂ, ਧਾਰਮਿਕ ਸੰਸਥਾਵਾਂ ਅਤੇ ਵਿਦਵਾਨਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਜਾਣਾ ਚਾਹੀਦਾ ਹੈ।
ਸੂਤਰਾਂ ਮੁਤਾਬਕ ਇਹ ਚਰਚਾ ਭਾਜਪਾ ਦੇ ਕੌਮੀ ਬੁਲਾਰੇ ਆਰ.ਪੀ. ਸਿੰਘ ਦੀ ਪਹਿਲ 'ਤੇ ਹੋਈ, ਜਿਨ੍ਹਾਂ ਨੇ ਸਿੱਖ ਭਾਈਚਾਰੇ ਦੀਆਂ ਚਿੰਤਾਵਾਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਤੱਕ ਪਹੁੰਚਾਈਆਂ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਧਿਆਨ ਵਿੱਚ ਰੱਖਦਿਆਂ ਕੈਬਨਿਟ ਮੰਤਰੀ ਚੰਦਰਸ਼ੇਖਰ ਬਾਵਨਕੁਲੇ ਨੂੰ ਸਾਰੇ ਪੱਖਾਂ ਨਾਲ ਤਾਲਮੇਲ ਕਰਕੇ ਵਿਸਥਾਰਪੂਰਵਕ ਚਰਚਾ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ।
ਇਸ ਦੇ ਨਾਲ ਹੀ ਸਿੱਖ ਜਥੇਬੰਦੀਆਂ, ਧਾਰਮਿਕ ਵਿਦਵਾਨਾਂ ਅਤੇ ਹੋਰ ਸਬੰਧਤ ਧਿਰਾਂ ਨਾਲ ਸਲਾਹ-ਮਸ਼ਵਰੇ ਲਈ ਇੱਕ ਕਮੇਟੀ ਬਣਾਉਣ 'ਤੇ ਵੀ ਸਹਿਮਤੀ ਬਣੀ ਹੈ। ਇਹ ਕਮੇਟੀ ਸਾਰੀਆਂ ਪੰਥਕ ਧਿਰਾਂ ਦੀ ਰਾਇ ਸੁਣਨ ਤੋਂ ਬਾਅਦ ਹੀ ਬਿੱਲ ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ ਅੱਗੇ ਵਧਾਏਗੀ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਨੇ ਸਿੱਖ ਭਾਈਚਾਰੇ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਗਠਿਤ ਕਮੇਟੀ ਸਾਰੀਆਂ ਧਿਰਾਂ ਦੇ ਵਿਚਾਰਾਂ ਨੂੰ ਯੋਗ ਮਹੱਤਵ ਦੇਵੇਗੀ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਤਿਆਰ ਹੋਣ ਵਾਲਾ ਕਾਨੂੰਨੀ ਢਾਂਚਾ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ, ਵਿਸ਼ਵਾਸ ਅਤੇ ਪਰੰਪਰਾਵਾਂ ਦੇ ਅਨੁਕੂਲ ਹੋਣਾ ਚਾਹੀਦਾ ਹੈ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਕੇਵਲ ਇੱਕ ਧਾਰਮਿਕ ਸੰਸਥਾ ਨਹੀਂ, ਬਲਕਿ ਸਿੱਖ ਕੌਮ ਦੀ ਆਸਥਾ, ਮਾਣ ਅਤੇ ਇਤਿਹਾਸਕ ਵਿਰਾਸਤ ਦਾ ਪ੍ਰਤੀਕ ਹੈ। ਇਸ ਨਾਲ ਜੁੜਿਆ ਹਰ ਫ਼ੈਸਲਾ ਸਹਿਮਤੀ, ਸੰਵਾਦ ਅਤੇ ਪੰਥਕ ਭਾਵਨਾਵਾਂ ਦੇ ਸਨਮਾਨ ਨਾਲ ਹੀ ਲਿਆ ਜਾਣਾ ਚਾਹੀਦਾ ਹੈ।