The message of Miri-Piri is as relevant today as ever: Giani Kuldeep Singh Gargajj
ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ :
ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪਾਵਨ ਪ੍ਰਕਾਸ਼ ਪੁਰਬ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੂਰੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਮਰਿਆਦਾ ਅਨੁਸਾਰ ਮਨਾਇਆ ਗਿਆ। ਇਸ ਮੌਕੇ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਕੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ।
ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ, ਜਦਕਿ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਸੰਗਤ ਨੂੰ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਦੇ ਜੀਵਨ, ਉਪਦੇਸ਼ਾਂ ਅਤੇ ਮੀਰੀ-ਪੀਰੀ ਦੇ ਵਿਲੱਖਣ ਸਿਧਾਂਤ ਉੱਤੇ ਚਾਨਣਾ ਪਾਇਆ।
ਉਨ੍ਹਾਂ ਕਿਹਾ ਕਿ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸੰਸਾਰ ਨੂੰ ਭਗਤੀ ਅਤੇ ਸ਼ਕਤੀ ਦਾ ਅਜਿਹਾ ਸੰਤੁਲਿਤ ਮਾਰਗ ਬਖ਼ਸ਼ਿਆ, ਜਿਸ ਦੀ ਮਿਸਾਲ ਧਾਰਮਿਕ ਇਤਿਹਾਸ ਵਿੱਚ ਵਿਰਲੀ ਮਿਲਦੀ ਹੈ। ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਬਾਅਦ ਗੁਰੂ ਸਾਹਿਬ ਵੱਲੋਂ ਦੋ ਕਿਰਪਾਨਾਂ ਧਾਰਨ ਕਰਨਾ ਇਸ ਗੱਲ ਦਾ ਪ੍ਰਤੀਕ ਸੀ ਕਿ ਸਿੱਖ ਨੇ ਇੱਕ ਪਾਸੇ ਪ੍ਰਭੂ ਭਗਤੀ ਨਾਲ ਜੁੜਿਆ ਰਹਿਣਾ ਹੈ ਅਤੇ ਦੂਜੇ ਪਾਸੇ ਹਰ ਤਰ੍ਹਾਂ ਦੇ ਜ਼ੁਲਮ ਅਤੇ ਅਨਿਆਂ ਵਿਰੁੱਧ ਨਿਡਰ ਹੋ ਕੇ ਖੜ੍ਹਨਾ ਹੈ।
ਗਿਆਨੀ ਗੜਗੱਜ ਨੇ ਕਿਹਾ ਕਿ ਇਸੇ ਉੱਚੇ ਸਿਧਾਂਤ ਨੂੰ ਸਾਕਾਰ ਕਰਨ ਲਈ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਬਾਬਾ ਬੁੱਢਾ ਸਾਹਿਬ ਜੀ ਅਤੇ ਭਾਈ ਗੁਰਦਾਸ ਜੀ ਦੀ ਹਾਜ਼ਰੀ ਵਿੱਚ ਆਪਣੇ ਕਰ-ਕਮਲਾਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਕੀਤੀ, ਜੋ ਅੱਜ ਸਮੁੱਚੇ ਸਿੱਖ ਪੰਥ ਦੀ ਸਰਵਉੱਚ ਕੌਮੀ ਅਗਵਾਈ ਦਾ ਕੇਂਦਰ ਹੈ।
ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਨੇ ਜ਼ੁਲਮ ਦੇ ਵਿਰੁੱਧ ਚਾਰ ਯੁੱਧ ਲੜ ਕੇ ਇਹ ਸਾਬਤ ਕੀਤਾ ਕਿ ਸੱਚ, ਨਿਆਂ ਅਤੇ ਧਰਮ ਦੀ ਤਾਕਤ ਕਿਸੇ ਵੀ ਸਾਮਰਾਜ ਨਾਲੋਂ ਵੱਡੀ ਹੁੰਦੀ ਹੈ। ਉਸ ਸਮੇਂ ਜਦੋਂ ਆਮ ਲੋਕਾਂ ਲਈ ਦਸਤਾਰ ਸਜਾਉਣ, ਸ਼ਸਤਰ ਰੱਖਣ ਅਤੇ ਘੋੜਸਵਾਰੀ 'ਤੇ ਪਾਬੰਦੀਆਂ ਸਨ, ਗੁਰੂ ਸਾਹਿਬ ਨੇ ਸਿੱਖ ਨੂੰ ਦਸਤਾਰਧਾਰੀ, ਸ਼ਸਤਰਧਾਰੀ ਅਤੇ ਸੰਤ-ਸਿਪਾਹੀ ਬਣਨ ਦਾ ਹੁਕਮ ਦਿੱਤਾ।
ਉਨ੍ਹਾਂ ਮੌਜੂਦਾ ਸਮੇਂ ਵਿੱਚ ਸਿੱਖ ਕਕਾਰਾਂ, ਵਿਸ਼ੇਸ਼ ਕਰਕੇ ਕਿਰਪਾਨ, ਉੱਤੇ ਉੱਠ ਰਹੇ ਸਵਾਲਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਗੁਰੂ ਸਾਹਿਬ ਵੱਲੋਂ ਬਖ਼ਸ਼ੀ ਮਰਿਆਦਾ ਅਤੇ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਉੱਤੇ ਸਿੱਧਾ ਹਮਲਾ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਸਵੀਕਾਰ ਨਹੀਂ ਕਰੇਗੀ।
ਕਾਰਜਕਾਰੀ ਜਥੇਦਾਰ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਗੁਰੂ ਦਾ ਤਖ਼ਤ ਹੈ ਅਤੇ ਇਸ ਨੂੰ ਚੁਣੌਤੀ ਦੇਣ ਵਾਲੀਆਂ ਤਾਕਤਾਂ ਇਤਿਹਾਸ ਦੇ ਪੰਨਿਆਂ ਤੱਕ ਹੀ ਸੀਮਤ ਰਹਿ ਗਈਆਂ ਹਨ। ਨਾਦਰ ਸ਼ਾਹ, ਅਹਿਮਦ ਸ਼ਾਹ ਅਬਦਾਲੀ, ਜ਼ਕਰੀਆ ਖ਼ਾਨ ਸਮੇਤ ਅਨੇਕਾਂ ਜ਼ਾਲਮ ਆਏ ਅਤੇ ਚਲੇ ਗਏ, ਪਰ ਸੱਚ ਅਤੇ ਨਿਆਂ ਦਾ ਇਹ ਤਖ਼ਤ ਅੱਜ ਵੀ ਅਡੋਲ ਖੜ੍ਹਾ ਹੈ ਅਤੇ ਸਦਾ ਕਾਇਮ ਰਹੇਗਾ।
ਉਨ੍ਹਾਂ ਕਿਹਾ ਕਿ ਸਮੁੱਚੇ ਸਿੱਖ ਪੰਥ ਦੀ ਸੱਚੀ ਨਿਸ਼ਠਾ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੁੜੀ ਹੋਈ ਹੈ ਅਤੇ ਇੱਥੋਂ ਜਾਰੀ ਹੋਣ ਵਾਲੇ ਹੁਕਮਨਾਮਿਆਂ ਅਤੇ ਸੰਦੇਸ਼ਾਂ ਨੂੰ ਪੰਥ ਹਮੇਸ਼ਾਂ ਸੀਸ ਝੁਕਾ ਕੇ ਪ੍ਰਵਾਨ ਕਰਦਾ ਆਇਆ ਹੈ।
ਅੰਤ ਵਿੱਚ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਦਿਹਾੜੇ 'ਤੇ ਹਰ ਸਿੱਖ ਗੁਰੂ ਗ੍ਰੰਥ ਸਾਹਿਬ ਅਤੇ ਗੁਰੂ ਪੰਥ ਨਾਲ ਆਪਣਾ ਨਾਤਾ ਹੋਰ ਮਜ਼ਬੂਤ ਕਰੇ, ਨੌਜਵਾਨ ਪੀੜ੍ਹੀ ਨੂੰ ਗੁਰਮਤਿ, ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਕੌਮੀ ਏਕਤਾ ਅਤੇ ਪੰਥਕ ਅਨੁਸ਼ਾਸਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਯੋਗਦਾਨ ਪਾਵੇ।