ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਆਖਰੀ ਪੜਾਅ ਨੂੰ ਲੈ ਕੇ ਚੇਤਾਵਨੀ
Warning regarding the final leg of the Miri-Piri Khalsa March.
ਅਕਾਲ ਤਖ਼ਤ ਸਕੱਤਰੇਤ ਵੱਲੋਂ ਸੰਭਾਵਿਤ ਵਿਘਨ ’ਤੇ ਚਿੰਤਾ; 25 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਵੇਗਾ ਸਮਾਪਤੀ ਸਮਾਗਮ
ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ : ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਕਰਵਾਏ ਜਾ ਰਹੇ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਆਖਰੀ ਦੋ ਦਿਨਾਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਨੇ ਸੰਭਾਵਿਤ ਵਿਘਨ ਬਾਰੇ ਚੇਤਾਵਨੀ ਜਾਰੀ ਕੀਤੀ ਹੈ। ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੇ ਕਿਹਾ ਕਿ ਅਧਿਕਾਰੀਆਂ ਨੂੰ ਅਜਿਹੀ ਭਰੋਸੇਯੋਗ ਜਾਣਕਾਰੀ ਮਿਲੀ ਹੈ ਕਿ ਕੁਝ ਸ਼ਰਾਰਤੀ ਤੱਤ ਮਾਰਚ ਦੇ ਸਮਾਪਤੀ ਪੜਾਅ ਦੌਰਾਨ ਖਲਲ ਪਾਉਣ ਦੀ ਕੋਸ਼ਿਸ਼ ਕਰ ਸਕਦੇ ਹਨ।
ਸਕੱਤਰੇਤ ਵੱਲੋਂ ਜਾਰੀ ਬਿਆਨ ਅਨੁਸਾਰ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਅਤੇ ਆਖਰੀ ਪੜਾਅ ਚੱਲ ਰਿਹਾ ਹੈ ਅਤੇ ਇਹ 25 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨ ਹੋਵੇਗਾ। ਇਸ ਮਾਰਚ ਦੌਰਾਨ ਪੰਜਾਬ ਦੇ ਵੱਖ-ਵੱਖ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿੱਚ ਸਿੱਖੀ ਦੇ ਪ੍ਰਚਾਰ-ਪ੍ਰਸਾਰ ਨਾਲ ਸਬੰਧਤ ਗਤੀਵਿਧੀਆਂ ਕੀਤੀਆਂ ਗਈਆਂ ਹਨ।
ਪ੍ਰਸ਼ਾਸਨ ਨੂੰ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੀ ਅਪੀਲ
ਅਕਾਲ ਤਖ਼ਤ ਸਕੱਤਰੇਤ ਨੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਨੂੰ ਮਾਰਚ ਦੇ ਰੂਟ ਅਤੇ ਵੱਖ-ਵੱਖ ਪੜਾਵਾਂ ’ਤੇ ਪੁਖ਼ਤਾ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਕਿਸੇ ਵੀ ਸੰਭਾਵਿਤ ਵਿਘਨ ਨੂੰ ਪਹਿਲਾਂ ਹੀ ਰੋਕਣ ਲਈ ਪ੍ਰਸ਼ਾਸਨ ਵੱਲੋਂ ਲੋੜੀਂਦੇ ਕਦਮ ਚੁੱਕੇ ਜਾਣ।
ਸਕੱਤਰੇਤ ਇੰਚਾਰਜ ਬਗੀਚਾ ਸਿੰਘ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਦਿੱਤੀ ਚੇਤਾਵਨੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਜੇਕਰ ਮਾਰਚ ਵਿੱਚ ਕਿਸੇ ਤਰ੍ਹਾਂ ਦਾ ਵਿਘਨ ਪੈਂਦਾ ਹੈ ਅਤੇ ਇਸ ਕਾਰਨ ਕੋਈ ਘਟਨਾ ਵਾਪਰਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਬੰਧਤ ਪ੍ਰਸ਼ਾਸਨ ’ਤੇ ਹੋਵੇਗੀ।
ਹਜ਼ਾਰਾਂ ਸੰਗਤਾਂ ਦੀ ਸ਼ਮੂਲੀਅਤ
ਸਕੱਤਰੇਤ ਮੁਤਾਬਕ ਮਾਰਚ ਦੇ ਵੱਖ-ਵੱਖ ਪੜਾਵਾਂ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਸਿੱਖੀ ਦੇ ਪ੍ਰਚਾਰ-ਪ੍ਰਸਾਰ ਦੇ ਨਾਲ ਨੌਜਵਾਨਾਂ ਵੱਲੋਂ ਸਾਬਤ-ਸੂਰਤ ਸਿੱਖ ਸਰੂਪ ਕਾਇਮ ਰੱਖਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੇ ਪ੍ਰਣ ਲੈਣ ਦੀ ਵੀ ਜਾਣਕਾਰੀ ਦਿੱਤੀ ਗਈ ਹੈ।
25 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਤੀ
ਤਾਜ਼ਾ ਜਾਣਕਾਰੀ ਅਨੁਸਾਰ 25 ਸਤੰਬਰ ਨੂੰ ਖ਼ਾਲਸਾ ਮਾਰਚ ਕਥੂਨੰਗਲ ਤੋਂ ਸ਼ੁਰੂ ਹੋ ਕੇ ਮਜੀਠਾ, ਸੋਹੀਆਂ ਕਲਾਂ, ਚੇਤਨਪੁਰਾ, ਸੰਤੂ ਨੰਗਲ, ਜਗਦੇਵ ਕਲਾਂ, ਕੋਟਲੀ ਸੱਕਿਆਂ ਵਾਲੀ, ਗੁਰੂ ਕਾ ਬਾਗ ਅਤੇ ਕੁੱਕੜਾਂ ਵਾਲਾ ਆਦਿ ਰਸਤਿਆਂ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇਗਾ।