ਮੋਟਰਸਾਈਕਲਾਂ ਦੇ ਵਿਸ਼ਾਲ ਕਾਫ਼ਲੇ ਨਾਲ ਕਿਸਾਨਾਂ ਦਾ ਚੰਡੀਗੜ੍ਹ ਮਾਰਚ, ਖੇਤੀ ਹਿੱਤਾਂ ਦੀ ਰੱਖਿਆ ਲਈ ਸੰਘਰਸ਼ ਤੇਜ਼
Farmers' march to Chandigarh with a massive convoy of motorcycles; struggle to protect agricultural interests intensifies.
ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ :
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਅਗਵਾਈ ਹੇਠ ਪੰਜਾਬ ਭਰ ਦੇ ਹਜ਼ਾਰਾਂ ਕਿਸਾਨਾਂ ਨੇ ਅੱਜ ਅਮਰੀਕਾ ਨਾਲ ਸੰਭਾਵਿਤ ਵਪਾਰ ਸਮਝੌਤੇ ਅਤੇ ਕਿਸਾਨੀ ਨਾਲ ਜੁੜੀਆਂ ਹੋਰ ਅਹਿਮ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਵਿਸ਼ਾਲ ਮੋਟਰਸਾਈਕਲ ਮਾਰਚ ਕੱਢਿਆ।
ਸਵੇਰੇ ਕਰੀਬ 10 ਵਜੇ ਤੋਂ ਹੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਕਿਸਾਨ ਵੱਡੇ ਕਾਫ਼ਿਲਿਆਂ ਦੇ ਰੂਪ ਵਿੱਚ ਮੁਹਾਲੀ ਦੇ ਨੇਚਰ ਪਾਰਕ, ਫੇਜ਼-8 ਵਿੱਚ ਇਕੱਠੇ ਹੋਣੇ ਸ਼ੁਰੂ ਹੋ ਗਏ। ਇਸ ਤੋਂ ਬਾਅਦ ਮੋਟਰਸਾਈਕਲਾਂ ਅਤੇ ਕਾਰਾਂ ਦੇ ਲੰਬੇ ਕਾਫ਼ਲੇ ਨੇ ਚੰਡੀਗੜ੍ਹ ਵੱਲ ਰਵਾਨਗੀ ਕੀਤੀ। ਮਾਰਚ ਵਿੱਚ ਸਭ ਤੋਂ ਅੱਗੇ ਵੱਡੀ ਗਿਣਤੀ ਵਿੱਚ ਮੋਟਰਸਾਈਕਲ ਸਵਾਰ ਕਿਸਾਨ ਸਨ, ਜਦਕਿ ਉਨ੍ਹਾਂ ਦੇ ਪਿੱਛੇ ਕਾਰਾਂ ਦਾ ਲੰਮਾ ਕਾਫ਼ਲਾ ਚੱਲ ਰਿਹਾ ਸੀ।
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਕੀਤੇ ਗਏ ਇਸ ਰੋਸ ਮਾਰਚ ਦਾ ਮੁੱਖ ਮਕਸਦ ਅਮਰੀਕਾ ਨਾਲ ਹੋਣ ਵਾਲੇ ਵਪਾਰ ਸਮਝੌਤੇ ਪ੍ਰਤੀ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਕੇਂਦਰ ਸਰਕਾਰ ਤੱਕ ਪਹੁੰਚਾਉਣਾ ਅਤੇ ਖੇਤੀਬਾੜੀ ਨਾਲ ਸਬੰਧਤ ਹੋਰ ਲੰਬਿਤ ਮੰਗਾਂ ਨੂੰ ਉਠਾਉਣਾ ਸੀ।
ਰੋਸ ਪ੍ਰਦਰਸ਼ਨ ਦੌਰਾਨ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਜਨਤਾ ਤੱਕ ਸਿੱਧੇ ਤੌਰ 'ਤੇ ਪਹੁੰਚਾਉਣ ਲਈ ਵਿਸ਼ੇਸ਼ ਤੌਰ 'ਤੇ ਛਪਵਾਈਆਂ ਗਈਆਂ ਕਮੀਜ਼ਾਂ ਪਹਿਨੀਆਂ, ਜਿਨ੍ਹਾਂ 'ਤੇ ਉਨ੍ਹਾਂ ਦੀਆਂ ਮੰਗਾਂ ਅਤੇ ਸੰਦੇਸ਼ ਦਰਜ ਸਨ।
ਕਿਸਾਨ ਆਗੂਆਂ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਰਾਜਪਾਲ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਦੋ ਵੱਖ-ਵੱਖ ਮੰਗ ਪੱਤਰ ਸੌਂਪੇ ਜਾਣਗੇ। ਇਨ੍ਹਾਂ ਮੰਗ ਪੱਤਰਾਂ ਵਿੱਚ ਅਮਰੀਕਾ ਵਪਾਰ ਸਮਝੌਤੇ ਸਬੰਧੀ ਕਿਸਾਨਾਂ ਦੇ ਇਤਰਾਜ਼ਾਂ ਦੇ ਨਾਲ-ਨਾਲ ਖੇਤੀ ਸੈਕਟਰ ਦੀ ਸੁਰੱਖਿਆ, ਫ਼ਸਲਾਂ ਦੇ ਲਾਹੇਵੰਦ ਭਾਅ ਅਤੇ ਹੋਰ ਕਿਸਾਨੀ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਇਆ ਗਿਆ ਹੈ।
ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਿਆ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।