November 1984 Sikh riots accused Sajjan Kumar's acquittal is injustice to the victims - Advocate Dhami
ਅੰਮ੍ਰਿਤਸਰ, 22 ਜਨਵਰੀ (ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ):-
ਦਿੱਲੀ ਵਿਖੇ 1984 ’ਚ ਹੋਏ ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਜਨਕਪੁਰੀ ਅਤੇ ਵਿਕਾਸਪੁਰੀ ਨਾਲ ਸਬੰਧਤ ਕਤਲੇਆਮ ਦੇ ਮਾਮਲਿਆਂ ਵਿਚ ਅਦਾਲਤ ਵੱਲੋਂ ਬਰੀ ਕੀਤੇ ਜਾਣਾ ਕਰੀਬ 41 ਸਾਲਾਂ ਤੋਂ ਇਨਸਾਫ਼ ਦੀ ਆਸ ਲਗਾਈ ਬੈਠੇ ਪੀੜਤ ਪਰਿਵਾਰਾਂ ਨਾਲ ਘੌਰ ਬੇਇਨਸਾਫ਼ੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਫ਼ਤਰ ਤੋਂ ਜਾਰੀ ਬਿਆਨ ਵਿਚ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਅਦਾਲਤ ਦੇ ਇਸ ਫੈਸਲੇ ਨੇ ਉਨ੍ਹਾਂ ਪੀੜਤ ਪਰਿਵਾਰਾਂ ਨੂੰ ਮਾਨਸਿਕ ਤੌਰ ’ਤੇ ਗਹਿਰੀ ਸੱਟ ਮਾਰੀ ਹੈ, ਜੋ ਲੰਮੇ ਸਮੇਂ ਤੋਂ ਇਨਸਾਫ਼ ਦੀ ਲੜਾਈ ਲੜ ਰਹੇ ਹਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਨਵੰਬਰ 1984 ਦਾ ਸਿੱਖ ਕਲਤੇਆਮ ਇਤਿਹਾਸ ਅੰਦਰ ਕਰੂਰਕਾਰੇ ਵਜੋਂ ਦਰਜ ਹੈ, ਜਦੋਂ ਸਰਕਾਰੀ ਸ਼ਹਿ ’ਤੇ ਸਿੱਖਾਂ ਨੂੰ ਵਹਿਸ਼ੀਆਨਾ ਢੰਗ ਨਾਲ ਨਿਸ਼ਾਨਾ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਅਤੇ ਪੀੜਤ ਪਰਿਵਾਰ ਕਰੀਬ 41 ਸਾਲਾਂ ਤੋਂ ਇਨਸਾਫ਼ ਦੀ ਲੜਾਈ ਲੜ੍ਹ ਰਹੇ ਹਨ। ਏਨੀ ਲੰਬੀ ਲੜਾਈ ਲੜਨ ਤੋਂ ਬਾਅਦ ਅਦਾਲਤ ਦਾ ਇਹ ਫੈਸਲਾ ਪੀੜਤਾਂ ਦੇ ਨਾਲ-ਨਾਲ ਸਮੁੱਚੀ ਕੌਮ ਨੂੰ ਵੱਡੀ ਪੀੜਾ ਦੇਣ ਵਾਲਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਸੱਜਣ ਕੁਮਾਰ ਸਾਫ਼ ਤੌਰ ’ਤੇ ਦਿੱਲੀ ਸਿੱਖ ਕਤਲੇਆਮ ਦਾ ਦੋਸ਼ੀ ਹੈ ਅਤੇ ਉਹ ਪਹਿਲਾਂ ਵੀ ਇਕ ਕੇਸ ਵਿਚ ਸਜ਼ਾ ਭੁਗਤ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਇਨ੍ਹਾਂ ਮਾਮਲਿਆਂ ਵਿਚ ਸਜ਼ਾ ਤੋਂ ਬਚ ਜਾਣਾ ਦੁਖਦਾਈ ਤੇ ਨਿਰਾਸ਼ਾਜਨਕ ਹੈ।