Pakistan government denies visas to 32 Sikh pilgrims on Khalsa Sajna Diwas
ਸ਼੍ਰੋਮਣੀ ਕਮੇਟੀ ਵੱਲੋਂ ਖਾਲਸਾ ਸਾਜਣਾ ਦਿਵਸ ਮੌਕੇ 1763 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ
10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ ਜਥਾ
ਅੰਮ੍ਰਿਤਸਰ, 7 ਅਪ੍ਰੈਲ (ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ):-
ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1763 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ।
ਇਹ ਜਥਾ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 1795 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਦੂਤਾਵਾਸ ਵੱਲੋਂ 1763 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ ਹੈ, ਜਦਕਿ 32 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲ ਸਕਿਆ।
ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਣਾ ਹੈ। ਇਹ ਜਥਾ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਵੇਗਾ, ਜੋ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਮੁੱਖ ਸਮਾਗਮ ਵਿੱਚ ਸ਼ਾਮਲ ਹੋਣ ਉਪਰੰਤ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ 19 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ। ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਜਿਨ੍ਹਾਂ ਦੇ ਵੀਜੇ ਲੱਗੇ ਹਨ ਉਹ ਆਪਣੇ ਪਾਸਪੋਰਟ 9 ਅਪ੍ਰੈਲ ਨੂੰ ਦਫ਼ਤਰੀ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਪ੍ਰਾਪਤ ਕਰਨ।
ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲਿਆ ਉਨ੍ਹਾਂ ਦਾ ਸੀਰੀਅਲ ਨੰਬਰ 144, 146, 161, 163, 201, 225, 245, 250, 251, 252, 304, 370, 413, 441, 509, 510, 524, 645, 652, 679, 680, 895, 1026, 1027, 1038, 1087, 1276, 1277, 1510, 1547, 1785 ਤੇ 1786 ਸ਼ਾਮਲ ਹਨ।