Attempt to demolish and occupy a part of the Gurdwara Sahib building in Pakistan: Serious concern in the Sikh world
Dhami said – the culprits should be given strict punishment
ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ : ਪਾਕਿਸਤਾਨ ਦੇ ਜ਼ਿਲ੍ਹਾ ਸ਼ੇਖੂਪੁਰਾ ਦੇ ਫਰੂਖਾਬਾਦ (ਮੰਡੀ ਸਕਰਾਨਾ) ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਇਮਾਰਤ ਦੇ ਇੱਕ ਹਿੱਸੇ ਨੂੰ ਕਥਿਤ ਤੌਰ 'ਤੇ ਢਾਹ ਕੇ ਜਾਇਦਾਦ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਦੇ ਮਾਮਲੇ ਨੇ ਸਿੱਖ ਜਗਤ ਵਿੱਚ ਗੰਭੀਰ ਚਿੰਤਾ ਪੈਦਾ ਕਰ ਦਿੱਤੀ ਹੈ। ਇਸ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਸਰਕਾਰ ਨੂੰ ਸਿੱਖ ਧਾਰਮਿਕ ਅਤੇ ਇਤਿਹਾਸਕ ਵਿਰਾਸਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਅੰਦਰ ਸਿੱਖ ਇਤਿਹਾਸ ਨਾਲ ਜੁੜੇ ਅਨੇਕਾਂ ਗੁਰਦੁਆਰਾ ਸਾਹਿਬਾਨ ਅਤੇ ਵਿਰਾਸਤੀ ਅਸਥਾਨ ਮੌਜੂਦ ਹਨ, ਜਿਨ੍ਹਾਂ ਦੀ ਸੰਭਾਲ ਅਤੇ ਸੁਰੱਖਿਆ ਉਥੋਂ ਦੀ ਸਰਕਾਰ ਦੀ ਸੰਵਿਧਾਨਕ ਅਤੇ ਨੈਤਿਕ ਜ਼ਿੰਮੇਵਾਰੀ ਹੈ।
ਉਨ੍ਹਾਂ ਕਿਹਾ ਕਿ ਫਰੂਖਾਬਾਦ ਦੀ ਮੰਡੀ ਸਕਰਾਨਾ ਵਿਖੇ ਸਥਿਤ ਇਹ ਗੁਰਦੁਆਰਾ ਸਾਹਿਬ ਸਿੰਘ ਸਭਾ ਲਹਿਰ ਦੇ ਸਮੇਂ ਦਾ ਮਹੱਤਵਪੂਰਨ ਇਤਿਹਾਸਕ ਅਸਥਾਨ ਹੈ, ਜਿਸ ਨਾਲ ਸਿੱਖ ਇਤਿਹਾਸ ਦੀਆਂ ਅਹਿਮ ਯਾਦਾਂ ਜੁੜੀਆਂ ਹੋਈਆਂ ਹਨ। ਅਜਿਹੇ ਪਵਿੱਤਰ ਅਸਥਾਨਾਂ ਨੂੰ ਨੁਕਸਾਨ ਪਹੁੰਚਾਉਣਾ ਸਿਰਫ਼ ਇਮਾਰਤਾਂ ਨੂੰ ਢਾਹੁਣਾ ਨਹੀਂ, ਸਗੋਂ ਇੱਕ ਅਮੀਰ ਇਤਿਹਾਸਕ ਵਿਰਾਸਤ ਨੂੰ ਮਿਟਾਉਣ ਦੇ ਬਰਾਬਰ ਹੈ।
ਐਡਵੋਕੇਟ ਧਾਮੀ ਨੇ ਪਾਕਿਸਤਾਨ ਸਰਕਾਰ ਅਤੇ Evacuee Trust Property Board ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੀ ਤੁਰੰਤ, ਪਾਰਦਰਸ਼ੀ ਅਤੇ ਨਿਰਪੱਖ ਜਾਂਚ ਕਰਵਾਈ ਜਾਵੇ। ਉਨ੍ਹਾਂ ਮੰਗ ਕੀਤੀ ਕਿ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਗੁਰਦੁਆਰਾ ਸਾਹਿਬ ਦੀ ਇਤਿਹਾਸਕ ਪਹਿਚਾਣ ਨੂੰ ਬਰਕਰਾਰ ਰੱਖਦਿਆਂ ਇਸ ਦੀ ਮੁੜ ਉਸਾਰੀ ਅਤੇ ਸੰਭਾਲ ਲਈ ਤੁਰੰਤ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ।
ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਵਿੱਚ ਸਥਿਤ ਗੁਰੂ ਸਾਹਿਬਾਨ ਨਾਲ ਸਬੰਧਤ ਗੁਰਦੁਆਰੇ ਅਤੇ ਹੋਰ ਸਿੱਖ ਵਿਰਾਸਤੀ ਅਸਥਾਨ ਵਿਸ਼ਵ ਭਰ ਦੀ ਸਿੱਖ ਸੰਗਤ ਦੀ ਆਸਥਾ ਦੇ ਕੇਂਦਰ ਹਨ। ਇਸ ਲਈ ਇਨ੍ਹਾਂ ਦੀ ਸੁਰੱਖਿਆ ਲਈ ਮਜ਼ਬੂਤ ਪ੍ਰਬੰਧ ਕੀਤੇ ਜਾਣੇ ਲਾਜ਼ਮੀ ਹਨ, ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀ ਕੋਈ ਵੀ ਘਟਨਾ ਦੁਬਾਰਾ ਨਾ ਵਾਪਰੇ।