A large number of devotees paid obeisance at Sachkhand Sri Harmandir Sahib on the occasion of the first Prakash Purb.
*ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ*
ਅੰਮ੍ਰਿਤਸਰ, 24 ਅਗਸਤ (ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ):-
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਗੁਰਮਤਿ ਸਮਾਗਮਾਂ ਸਮੇਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ।
ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਿੱਖ ਪਰੰਪਰਾ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜ ਪਿਆਰੇ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਤਿਕਾਰ ਦਿੱਤਾ। ਇਸ ਮੌਕੇ ਵੱਡੀ ਗਿਣਤੀ ਵਿਚ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਪੁੱਜੀਆਂ ਹੋਈਆਂ ਸਨ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਸਿੱਖ ਦੇ ਜੀਵਨ ਦਾ ਅਧਾਰ ਹੈ। ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਪਾਵਨ ਗੁਰਬਾਣੀ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਜੀਵਨ ਬਤੀਤ ਕਰੇ। ਉਨ੍ਹਾਂ ਸੰਗਤਾਂ ਨੂੰ ਪ੍ਰੇਰਣਾ ਕੀਤੀ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨੂੰ ਆਪਣੇ ਜੀਵਨ ਵਿਚ ਢਾਲ ਕੇ ਗੁਰਮਤਿ ਰਹਿਣੀ ਅਨੁਸਾਰ ਜੀਵਨ ਬਤੀਤ ਕਰਨ।
ਨਗਰ ਕੀਰਤਨ ’ਚ ਸ਼ਾਮਲ ਹੋਣ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰਮਤਿ ਰਹਿਣੀ ਨੂੰ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਜੀਵਨ ਦਾ ਰਾਹ ਦਰਸਾਉਂਦੀ ਹੈ ਅਤੇ ਹਰ ਪ੍ਰਾਣੀ ਮਾਤਰ ਦੇ ਜੀਵਨ ਨੂੰ ਸੁਖਦਾਈ ਬਣਾਉਣ ਲਈ ਇਕ ਅਹਿਮ ਮਾਰਗ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤਾਂ ਨੂੰ ਗੁਰਬਾਣੀ ਨਿਤਨੇਮ ਨਾਲ ਜੁੜਣ ਅਤੇ ਖੰਡੇ ਬਾਟੇ ਦੀ ਪਹੁਲ ਦੇ ਧਾਰਨੀ ਹੋਣ ਦੀ ਪ੍ਰੇਰਣਾ ਕੀਤੀ।
ਨਗਰ ਕੀਰਤਨ ਸਮੇਂ ਸਿੱਖ ਨੌਜੁਆਨਾਂ ਵੱਲੋਂ ਗਤਕਾ ਪ੍ਰਦਰਸ਼ਨ ਦੇ ਨਾਲ-ਨਾਲ ਸ਼ਬਦੀ ਜਥਿਆਂ ਨੇ ਸ਼ਬਦ ਗਾਇਨ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸੇ ਦੌਰਾਨ ਰਸਤੇ ਵਿਚ ਸ਼ਰਧਾਲੂਆਂ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਰਘੁਬੀਰ ਸਿੰਘ ਸਹਾਰਨਮਾਜਰਾ, ਸ. ਅਮਰਜੀਤ ਸਿੰਘ ਬੰਡਾਲਾ, ਭਾਈ ਮਨਜੀਤ ਸਿੰਘ, ਸ਼੍ਰੋਮਣੀ ਕਮੇਟੀ ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਤੇਜਿੰਦਰ ਸਿੰਘ ਪੱਡਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਗੁਰਨਾਮ ਸਿੰਘ, ਸ. ਕੁਲਦੀਪ ਸਿੰਘ ਰੋਡੇ, ਸ. ਹਰਭਜਨ ਸਿੰਘ ਵਕਤਾ, ਸ. ਮਨਜੀਤ ਸਿੰਘ ਤਲਵੰਡੀ, ਸ. ਸੁਖਬੀਰ ਸਿੰਘ, ਬਾਬਾ ਸਤਨਾਮ ਸਿੰਘ ਕਿਲਾ ਅਨੰਦਗੜ੍ਹ ਸਾਹਿਬ, ਸ. ਅਮਰਬੀਰ ਸਿੰਘ ਢੋਟ, ਸੁਪਰਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਜਤਿੰਦਰਪਾਲ ਸਿੰਘ, ਸ. ਨਰਿੰਦਰ ਸਿੰਘ, ਸ. ਰਜਿੰਦਰ ਸਿੰਘ ਰੂਬੀ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਯੁਵਰਾਜ ਸਿੰਘ, ਸ. ਗੁਰਤਿੰਦਰਪਾਲ ਸਿੰਘ ਸਮੇਤ ਵੱਖ-ਵੱਖ ਸਭਾ ਸੁਸਾਇਟੀਆਂ ਦੇ ਨੁਮਾਇੰਦੇ ਅਤੇ ਸੰਗਤਾਂ ਨੇ ਹਾਜ਼ਰੀ ਭਰੀ।
*ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜੇ ਜਲੌ*
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ। ਇਸ ਦੇ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਦੀ ਸਜਾਵਟ ਵੀ ਸੰਗਤਾਂ ਲਈ ਖਿੱਚ ਦਾ ਕੇਂਦਰ ਰਹੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਮੇਤ ਵੱਖ-ਵੱਖ ਧਾਰਮਿਕ ਅਸਥਾਨਾਂ ਨੂੰ ਦੀਪਮਾਲਾ ਨਾਲ ਸਜਾਇਆ ਗਿਆ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਏ ਗੁਰਮਤਿ ਸਮਾਗਮ ਅੰਦਰ ਰਾਗੀ, ਢਾਡੀ ਅਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰੂ ਜਸ ਨਾਲ ਜੋੜਿਆ।