SGPC's duty to convey the orders of the five Singh Sahibs to the people: Dhami
ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਅੰਤਿੰਗ ਕਮੇਟੀ ਦੀ ਇਕੱਤਰਤਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 15 ਜੂਨ ਨੂੰ ਜਾਰੀ ਕੀਤੇ ਗਏ ਆਦੇਸ਼ ਨੂੰ ਸੰਗਤਾਂ ਤੱਕ ਪਹੁੰਚਾਉਣ ਅਤੇ ਇਸ ਦੀ ਪਾਲਣਾ ਯਕੀਨੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਪ੍ਰਚਾਰ ਮੁਹਿੰਮ ਚਲਾਈ ਜਾਵੇਗੀ।
ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਸ ਸਬੰਧੀ 27 ਜੂਨ ਨੂੰ ਤੇਜਾ ਸਿੰਘ ਸਮੁੰਦਰੀ ਹਾਲ, ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਜਨਰਲ ਇਜਲਾਸ ਸੱਦਿਆ ਗਿਆ ਹੈ। ਇਸ ਇਜਲਾਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਨੂੰ ਸੰਗਤਾਂ ਤੱਕ ਪਹੁੰਚਾਉਣ ਅਤੇ ਉਸ ਉੱਤੇ ਪਹਿਰਾ ਦੇਣ ਲਈ ਵਿਸਥਾਰਤ ਰਣਨੀਤੀ ਤਿਆਰ ਕੀਤੀ ਜਾਵੇਗੀ।
ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਮੁੱਢਲਾ ਫਰਜ਼ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਣ ਵਾਲੇ ਹਰ ਆਦੇਸ਼ ਨੂੰ ਸੰਗਤਾਂ ਤੱਕ ਪਹੁੰਚਾਉਣਾ ਹੈ ਅਤੇ ਕਮੇਟੀ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਏਗੀ।
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ 15 ਜਨਵਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੱਦ ਕੇ ਵਾਇਰਲ ਵੀਡੀਓ ਦੀ ਜਾਂਚ ਲਈ ਦੋ ਫੋਰੈਂਸਿਕ ਲੈਬਾਂ ਦੇ ਨਾਂ ਸੁਝਾਉਣ ਲਈ ਕਿਹਾ ਗਿਆ ਸੀ। ਇਸ ਸਬੰਧੀ ਹੋਈ ਗੱਲਬਾਤ ਦੀ ਵੀਡੀਓ ਵੀ ਹੁਣ ਜਨਤਕ ਕੀਤੀ ਗਈ ਹੈ। ਧਾਮੀ ਨੇ ਦਾਅਵਾ ਕੀਤਾ ਕਿ ਸੰਬੰਧਿਤ ਲੈਬਾਂ ਦੀਆਂ ਰਿਪੋਰਟਾਂ ਵਿੱਚ ਵੀਡੀਓ ਨੂੰ ਅਸਲ ਕਰਾਰ ਦਿੱਤਾ ਗਿਆ ਹੈ, ਪਰ ਇਸ ਦੇ ਬਾਵਜੂਦ ਕੁਝ ਧਿਰਾਂ ਵੱਲੋਂ ਇਸ ਬਾਰੇ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਜਾਰੀ ਕੀਤੇ ਗਏ ਕਿਸੇ ਵੀ ਆਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣਾ ਸ਼੍ਰੋਮਣੀ ਕਮੇਟੀ ਦੀ ਜ਼ਿੰਮੇਵਾਰੀ ਹੈ ਅਤੇ ਇਸ ਫਰਜ਼ ਨੂੰ ਹਰ ਹਾਲਤ ਵਿੱਚ ਨਿਭਾਇਆ ਜਾਵੇਗਾ।
ਧਾਮੀ ਨੇ ਜਾਣਕਾਰੀ ਦਿੱਤੀ ਕਿ ਪਹਿਲੇ ਪੜਾਅ ਵਿੱਚ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਆਪਣੇ-ਆਪਣੇ ਹਲਕਿਆਂ ਵਿੱਚ ਸੰਗਤਾਂ ਦੇ ਇਕੱਠ ਕਰਨਗੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਬਾਰੇ ਜਾਗਰੂਕਤਾ ਮੁਹਿੰਮ ਚਲਾਉਣਗੇ। ਇਸ ਤੋਂ ਬਾਅਦ ਹਲਕਾ ਮੈਂਬਰ ਆਪਣੇ ਖੇਤਰਾਂ ਵਿੱਚ ਵਿਸ਼ਾਲ ਇਕੱਠ ਕਰਕੇ ਸੰਗਤਾਂ ਨੂੰ ਆਦੇਸ਼ ਦੀ ਮਹੱਤਤਾ ਅਤੇ ਉਸ ਦੀ ਪਾਲਣਾ ਸਬੰਧੀ ਜਾਣੂ ਕਰਵਾਉਣਗੇ।
ਸ਼੍ਰੋਮਣੀ ਕਮੇਟੀ ਵੱਲੋਂ ਇਸ ਮੁਹਿੰਮ ਨੂੰ ਪੰਥਕ ਪੱਧਰ 'ਤੇ ਚਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ ਤਾਂ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਪ੍ਰਤੀ ਸੰਗਤਾਂ ਵਿੱਚ ਜਾਗਰੂਕਤਾ ਅਤੇ ਸਤਿਕਾਰ ਹੋਰ ਮਜ਼ਬੂਤ ਹੋ ਸਕੇ।