## ਚੀਨ ਵਿੱਚ ਮਿਲਿਆ ‘ਮੇਜਰ ਇਨੋਵੇਸ਼ਨ ਐਵਾਰਡ’, ਮੁੱਖ ਦਫ਼ਤਰ ਵਿਖੇ ਮਨਾਇਆ ਜਸ਼ਨ

 

**ਹਰਚੰਦ ਸਿੰਘ ਬਰਸਟ ਨੇ ਐਵਾਰਡ ਨੂੰ ਪੰਜਾਬ ਅਤੇ ਦੇਸ਼ ਲਈ ਮਾਣ ਵਾਲੀ ਗੱਲ ਦੱਸਿਆ**

 

**ਚੰਡੀਗੜ੍ਹ, 11 ਨਵੰਬਰ (ਕੇਸਰੀ ਵਿਰਾਸਤ):**

ਪੰਜਾਬ ਮੰਡੀ ਬੋਰਡ ਨੇ ਅੰਤਰਰਾਸ਼ਟਰੀ ਪੱਧਰ ’ਤੇ ਵੱਡੀ ਪ੍ਰਾਪਤੀ ਦਰਜ ਕਰਦਿਆਂ ਖੇਤੀਬਾੜੀ ਮੰਡੀਕਰਨ ਦੇ ਖੇਤਰ ਵਿੱਚ ਪੰਜਾਬ ਦਾ ਮਾਣ ਵਧਾਇਆ ਹੈ। ਚੀਨ ਵਿਖੇ ਆਯੋਜਿਤ ਅੰਤਰਰਾਸ਼ਟਰੀ ਕਾਨਫਰੰਸ ਦੌਰਾਨ ਪੰਜਾਬ ਮੰਡੀ ਬੋਰਡ ਨੂੰ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕਿਟਸ (WUWM) ਵੱਲੋਂ ਵੱਕਾਰੀ ‘ਮੇਜਰ ਇਨੋਵੇਸ਼ਨ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਸ ਪ੍ਰਾਪਤੀ ਦੀ ਖੁਸ਼ੀ ਵਿੱਚ ਬੁੱਧਵਾਰ ਨੂੰ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ।

 

ਇਸ ਮੌਕੇ ਬੋਰਡ ਦੇ ਉੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਵਧਾਈ ਦਿੱਤੀ। ਸਮਾਰੋਹ ਦੌਰਾਨ ਮੁੱਖ ਦਫ਼ਤਰ ਵਿਖੇ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਬਣਿਆ ਰਿਹਾ।

 

ਸਮਾਰੋਹ ਨੂੰ ਸੰਬੋਧਨ ਕਰਦਿਆਂ ਸ. ਬਰਸਟ ਨੇ ਕਿਹਾ ਕਿ ਇਹ ਐਵਾਰਡ ਸਿਰਫ਼ ਪੰਜਾਬ ਮੰਡੀ ਬੋਰਡ ਦੀ ਪ੍ਰਾਪਤੀ ਨਹੀਂ, ਸਗੋਂ ਸਮੁੱਚੇ ਪੰਜਾਬ ਅਤੇ ਦੇਸ਼ ਲਈ ਮਾਣ ਵਾਲੀ ਗੱਲ ਹੈ। ਇਹ ਸਨਮਾਨ ਬੋਰਡ ਦੇ ਹਰ ਅਧਿਕਾਰੀ, ਕਰਮਚਾਰੀ ਅਤੇ ਸਮੁੱਚੇ ਸਟਾਫ਼ ਦੀ ਅਣਥੱਕ ਮਿਹਨਤ, ਸਮਰਪਣ ਅਤੇ ਇਮਾਨਦਾਰੀ ਦਾ ਨਤੀਜਾ ਹੈ।

 

ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ ’ਤੇ ਮਿਲਿਆ ਇਹ ਸਨਮਾਨ ਮੰਡੀ ਬੋਰਡ ਦੀ ਜ਼ਿੰਮੇਵਾਰੀ ਨੂੰ ਹੋਰ ਵਧਾਉਂਦਾ ਹੈ। ਬੋਰਡ ਦਾ ਉਦੇਸ਼ ਭਵਿੱਖ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਖਪਤਕਾਰਾਂ ਨੂੰ ਹੋਰ ਬਿਹਤਰ, ਆਧੁਨਿਕ ਅਤੇ ਸੁਵਿਧਾਜਨਕ ਮੰਡੀ ਸੇਵਾਵਾਂ ਮੁਹੱਈਆ ਕਰਵਾਉਣਾ ਹੈ।

 

ਸ. ਬਰਸਟ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਮੰਡੀ ਪ੍ਰਣਾਲੀ ਵਿੱਚ ਆਧੁਨਿਕ ਤਕਨਾਲੋਜੀ ਅਤੇ ਨਵੀਨਤਮ ਤਕਨੀਕਾਂ ਨੂੰ ਸ਼ਾਮਲ ਕਰਨ ਲਈ ਕੀਤੇ ਜਾ ਰਹੇ ਯਤਨਾਂ ਨੂੰ ਵਿਸ਼ਵ ਪੱਧਰ ’ਤੇ ਮਾਨਤਾ ਮਿਲਣਾ ਮਾਣ ਵਾਲੀ ਗੱਲ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਤਨਦੇਹੀ, ਜੋਸ਼ ਅਤੇ ਲਗਨ ਨਾਲ ਕੰਮ ਕਰਨ ਦੀ ਅਪੀਲ ਕੀਤੀ।

 

ਉਨ੍ਹਾਂ ਅਨੁਸਾਰ, ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕਿਟਸ ਦੇ ਇਤਿਹਾਸ ਵਿੱਚ ਪਹਿਲੀ ਵਾਰ ਭਾਰਤ ਦੇ ਕਿਸੇ ਮੰਡੀ ਬੋਰਡ ਨੂੰ ਇਹ ਅੰਤਰਰਾਸ਼ਟਰੀ ਸਨਮਾਨ ਪ੍ਰਾਪਤ ਹੋਇਆ ਹੈ। ਇਹ ਪ੍ਰਾਪਤੀ ਪੰਜਾਬ ਦੇ ਖੇਤੀਬਾੜੀ ਮੰਡੀਕਰਨ ਢਾਂਚੇ ਦੀ ਆਧੁਨਿਕਤਾ ਅਤੇ ਨਵੀਨਤਾ ਨੂੰ ਵਿਸ਼ਵ ਪੱਧਰ ’ਤੇ ਪਛਾਣ ਦਿਵਾਉਣ ਵਾਲਾ ਮਹੱਤਵਪੂਰਨ ਕਦਮ ਹੈ।

 

ਸਮਾਰੋਹ ਦੌਰਾਨ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਮੰਡੀ ਬੋਰਡ ਦੀ ਤਰੱਕੀ, ਕਿਸਾਨਾਂ ਦੀ ਭਲਾਈ ਅਤੇ ਮੰਡੀਆਂ ਦੇ ਵਿਕਾਸ ਲਈ ਹੋਰ ਵੀ ਸਮਰਪਣ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।

 

ਇਸ ਮੌਕੇ ਸ੍ਰੀ ਕੁਮਾਰ ਅਮਿਤ (ਆਈ.ਏ.ਐੱਸ.), ਸਕੱਤਰ ਪੰਜਾਬ ਮੰਡੀ ਬੋਰਡ, ਸ. ਜਤਿੰਦਰ ਸਿੰਘ ਭੰਗੂ, ਇੰਜੀਨੀਅਰ-ਇਨ-ਚੀਫ਼, ਸ. ਹਰਜੀਤ ਸਿੰਘ ਸੰਧੂ (ਪੀ.ਸੀ.ਐੱਸ.), ਸੰਯੁਕਤ ਸਕੱਤਰ, ਸ. ਗੁਰਿੰਦਰ ਸਿੰਘ ਚੀਮਾ ਅਤੇ ਸ. ਅਮਨਦੀਪ ਸਿੰਘ, ਮੁੱਖ ਇੰਜੀਨੀਅਰਾਂ ਸਮੇਤ ਸਮੂਹ ਡੀ.ਜੀ.ਐੱਮ. ਅਤੇ ਹੋਰ ਉੱਚ ਅਧਿਕਾਰੀ ਮੌਜੂਦ ਸਨ।

 

ਇਸ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਵੀ ਚੇਅਰਮੈਨ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਵਧਾਈ ਦਿੱਤੀ। ਸਮਾਰੋਹ ਦੇ ਅੰਤ ਵਿੱਚ ਮੂੰਹ ਮਿੱਠਾ ਕਰਵਾ ਕੇ ਇਸ ਅੰਤਰਰਾਸ਼ਟਰੀ ਪ੍ਰਾਪਤੀ ਦੀ ਖੁਸ਼ੀ ਸਾਂਝੀ ਕੀਤੀ ਗਈ।

 

**ਪੰਜਾਬ ਮੰਡੀ ਬੋਰਡ ਦੀ ਇਹ ਪ੍ਰਾਪਤੀ ਸੂਬੇ ਦੇ ਖੇਤੀਬਾੜੀ ਮੰਡੀਕਰਨ ਖੇਤਰ ਨੂੰ ਆਧੁਨਿਕ ਬਣਾਉਣ ਅਤੇ ਵਿਸ਼ਵ ਪੱਧਰ ’ਤੇ ਨਵੀਂ ਪਛਾਣ ਸਥਾਪਤ ਕਰਨ ਵੱਲ ਇੱਕ ਅਹਿਮ ਮੀਲ ਪੱਥਰ ਮੰਨੀ ਜਾ ਰਹੀ ਹੈ।**