Uproar in the Punjab Assembly for the third consecutive day; the House resounded with issues ranging from opposition allegations to the Guru Granth Sahib Amendment Bill.

ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ : ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦਾ ਤੀਜਾ ਦਿਨ ਵੀ ਤਿੱਖੇ ਰਾਜਨੀਤਿਕ ਟਕਰਾਅ ਅਤੇ ਹੰਗਾਮੇ ਨਾਲ ਸ਼ੁਰੂ ਹੋਇਆ। ਕਾਂਗਰਸ ਦੇ ਵਿਧਾਇਕ ਗਲਾਂ ਵਿੱਚ ਕਾਲੀਆਂ ਪੱਟੀਆਂ ਪਾ ਕੇ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਸਦਨ ਵਿੱਚ ਪਹੁੰਚੇ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਬਿਕਰਮਜੀਤ ਸਿੰਘ ਚੌਧਰੀ, ਸੁਖਵਿੰਦਰ ਸਿੰਘ ਕੋਟਲੀ ਅਤੇ ਹੋਰ ਕਾਂਗਰਸੀ ਵਿਧਾਇਕਾਂ ਨੇ ਦੋਸ਼ ਲਾਇਆ ਕਿ ਵਿਧਾਨ ਸਭਾ ਦੇ ਬਾਹਰ ਤਾਇਨਾਤ ਪੁਲਿਸ ਕਰਮਚਾਰੀਆਂ ਅਤੇ ਮਾਰਸ਼ਲਾਂ ਨੇ ਉਨ੍ਹਾਂ ਨਾਲ ਬਦਸਲੂਕੀ ਕੀਤੀ ਅਤੇ ਉਨ੍ਹਾਂ ਦੇ ਹੱਥਾਂ ਵਿਚੋਂ ਪ੍ਰਦਰਸ਼ਨ ਵਾਲੀਆਂ ਤਖ਼ਤੀਆਂ ਖੋਹ ਲਈਆਂ।

ਪ੍ਰਤਾਪ ਸਿੰਘ ਬਾਜਵਾ ਨੇ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਹੀ ਇਸ ਮਾਮਲੇ 'ਤੇ ਤੁਰੰਤ ਚਰਚਾ ਦੀ ਮੰਗ ਕੀਤੀ। ਇਸ 'ਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਰੋਸਾ ਦਿੱਤਾ ਕਿ ਪ੍ਰਸ਼ਨ ਕਾਲ ਤੋਂ ਬਾਅਦ ਇਸ ਮਾਮਲੇ 'ਤੇ ਵਿਚਾਰ ਕੀਤਾ ਜਾਵੇਗਾ। ਸਪੀਕਰ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਵਿਧਾਇਕ ਨਾਲ ਦੁਰਵਿਵਹਾਰ ਹੋਇਆ ਹੈ ਤਾਂ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇਗੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀ ਕਿਹਾ ਕਿ ਸਰਕਾਰ ਕਿਸੇ ਵੀ ਵਿਧਾਇਕ ਦੇ ਮਾਣ-ਸਨਮਾਨ ਨਾਲ ਸਮਝੌਤਾ ਨਹੀਂ ਕਰੇਗੀ ਅਤੇ ਜ਼ਰੂਰਤ ਪਈ ਤਾਂ ਜਾਂਚ ਕਰਵਾਈ ਜਾਵੇਗੀ।

ਕੰਮ ਰੋਕੂ ਮਤਾ ਰੱਦ, ਵਿਰੋਧੀ ਧਿਰ ਦਾ ਵਿਰੋਧ ਹੋਇਆ ਹੋਰ ਤਿੱਖਾ

ਸਪੀਕਰ ਵੱਲੋਂ ਪ੍ਰਤਾਪ ਸਿੰਘ ਬਾਜਵਾ ਅਤੇ ਬਿਕਰਮਜੀਤ ਸਿੰਘ ਚੌਧਰੀ ਵੱਲੋਂ ਪੇਸ਼ ਕੀਤਾ ਗਿਆ ਕੰਮ ਰੋਕੂ ਮਤਾ ਰੱਦ ਕੀਤੇ ਜਾਣ ਤੋਂ ਬਾਅਦ ਕਾਂਗਰਸੀ ਵਿਧਾਇਕ ਹੋਰ ਵੀ ਹਮਲਾਵਰ ਹੋ ਗਏ। ਸਦਨ ਵਿੱਚ ਨਾਅਰੇਬਾਜ਼ੀ ਅਤੇ ਹੰਗਾਮਾ ਜਾਰੀ ਰਿਹਾ, ਜਿਸ ਕਾਰਨ ਕਾਰਵਾਈ ਪ੍ਰਭਾਵਿਤ ਹੋਈ। ਆਖ਼ਰਕਾਰ ਵਿਧਾਨ ਸਭਾ ਦੀ ਕਾਰਵਾਈ ਵੀਰਵਾਰ ਸਵੇਰੇ 10 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ।

'ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸੋਧ ਬਿੱਲ-2026' 'ਤੇ ਗੂੰਜਿਆ ਸਦਨ

ਸੈਸ਼ਨ ਦੌਰਾਨ 'ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸੋਧ ਬਿੱਲ-2026' ਨੂੰ ਲੈ ਕੇ ਵੀ ਸਰਕਾਰ ਅਤੇ ਵਿਰੋਧੀ ਧਿਰ ਵਿਚਾਲੇ ਤਿੱਖੀ ਬਹਿਸ ਹੋਈ। ਵਿਰੋਧੀ ਧਿਰ ਨੇ ਸਰਕਾਰ ਤੋਂ ਇਸ ਮੁੱਦੇ 'ਤੇ ਸਪੱਸ਼ਟ ਜਵਾਬ ਮੰਗਦਿਆਂ ਲਗਾਤਾਰ ਨਾਅਰੇਬਾਜ਼ੀ ਕੀਤੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਦਾ ਇਤਿਹਾਸ ਸਿੱਖ ਵਿਰੋਧੀ ਰਿਹਾ ਹੈ ਅਤੇ ਅਜਿਹੀ ਪਾਰਟੀ ਨੂੰ ਇਸ ਸੰਵੇਦਨਸ਼ੀਲ ਵਿਸ਼ੇ 'ਤੇ ਰਾਜਨੀਤੀ ਕਰਨ ਦਾ ਕੋਈ ਨੈਤਿਕ ਅਧਿਕਾਰ ਨਹੀਂ।

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੱਖ ਧਾਰਮਿਕ ਸੰਸਥਾਵਾਂ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਉਨ੍ਹਾਂ ਨੂੰ ਚੁਣੌਤੀ ਦੇਣ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ।

ਉੱਧਰ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਧਾਰਮਿਕ ਮਾਮਲਿਆਂ ਨੂੰ ਰਾਜਨੀਤਿਕ ਲਾਭ ਲਈ ਵਰਤਣਾ ਉਚਿਤ ਨਹੀਂ ਹੈ ਅਤੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਤੋਂ ਗੁਰੇਜ਼ ਕੀਤਾ ਜਾਣਾ ਚਾਹੀਦਾ ਹੈ।

'ਤਾਰੀਖ 'ਤੇ ਤਾਰੀਖ' ਵਾਲੀ ਟਿੱਪਣੀ ਨਾਲ ਸਦਨ ਵਿੱਚ ਚਰਚਾ

ਜਲਾਲਾਬਾਦ ਤੋਂ ਵਿਧਾਇਕ ਗੋਲਡੀ ਕੰਬੋਜ ਨੇ ਆਪਣੇ ਹਲਕੇ ਵਿੱਚ ਬਣਨ ਵਾਲੀਆਂ ਦੋ ਮਾਰਕੀਟ ਕਮੇਟੀਆਂ ਦੀ ਫਾਈਲ ਵਾਰ-ਵਾਰ ਇਤਰਾਜ਼ਾਂ ਕਾਰਨ ਲਟਕਣ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਇੱਕੋ ਵਾਰ ਸਾਰੇ ਇਤਰਾਜ਼ ਲਗਾ ਦਿੱਤੇ ਜਾਣ ਤਾਂ ਜੋ ਪ੍ਰੋਜੈਕਟ ਵਿੱਚ ਬੇਲੋੜੀ ਦੇਰੀ ਨਾ ਹੋਵੇ।

ਇਸ 'ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਟਿੱਪਣੀ ਕਰਦਿਆਂ ਕਿਹਾ, "ਤਾਰੀਖ 'ਤੇ ਤਾਰੀਖ ਨਹੀਂ ਚੱਲੇਗੀ, ਇੱਕੋ ਵਾਰ ਸਾਰੇ ਇਤਰਾਜ਼ ਲਗਾਓ।"

ਇਸ ਟਿੱਪਣੀ ਨੂੰ ਬੀਤੇ ਦਿਨ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ 'ਤੇ ਵਾਰ-ਵਾਰ ਮੰਗੀ ਗਈਆਂ ਤਰੀਖਾਂ ਦੇ ਮੁੱਦੇ ਨਾਲ ਜੋੜ ਕੇ ਵੀ ਵੇਖਿਆ ਗਿਆ, ਜਿਸ 'ਤੇ ਵਿਰੋਧੀ ਧਿਰ ਨੇ ਸਵਾਲ ਖੜ੍ਹੇ ਕੀਤੇ।

ਜੇਲ੍ਹਾਂ ਵਿੱਚ ਵਾਟਰ ਕੂਲਰਾਂ ਦਾ ਮੁੱਦਾ, ਸਦਨ ਵਿੱਚ ਛਿੜੀ ਹਾਸੇ ਦੀ ਲਹਿਰ

ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਬਠਿੰਡਾ ਜੇਲ੍ਹ ਵਿੱਚ ਕੈਦੀਆਂ ਲਈ ਪੀਣ ਵਾਲੇ ਪਾਣੀ ਦੀ ਕਮੀ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਇੱਕ ਵਾਟਰ ਕੂਲਰ ਨਾਲ ਦੋ ਹਜ਼ਾਰ ਤੋਂ ਵੱਧ ਕੈਦੀਆਂ ਦੀ ਲੋੜ ਪੂਰੀ ਨਹੀਂ ਹੋ ਸਕਦੀ। ਆਪਣੇ ਭਾਸ਼ਣ ਦੌਰਾਨ ਉਨ੍ਹਾਂ ਦੀ ਇਹ ਟਿੱਪਣੀ ਕਿ "ਕੀ ਪਤਾ ਕਦੋਂ ਕਿਸੇ ਨੂੰ ਜੇਲ੍ਹ ਜਾਣਾ ਪੈ ਜਾਵੇ" ਸੁਣ ਕੇ ਸਦਨ ਵਿੱਚ ਹਾਸਾ ਗੂੰਜ ਪਿਆ।

ਜੇਲ੍ਹ ਮੰਤਰੀ ਰਵਜੋਤ ਸਿੰਘ ਨੇ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਨਵੇਂ ਵਾਟਰ ਕੂਲਰ ਲਗਾਉਣ ਲਈ ਟੈਂਡਰ ਜਾਰੀ ਹੋ ਚੁੱਕੇ ਹਨ ਅਤੇ ਜੇਲ੍ਹਾਂ ਵਿੱਚ ਸਮਰੱਥਾ ਤੋਂ ਵੱਧ ਕੈਦੀ ਹੋਣ ਦੀ ਸਮੱਸਿਆ ਨਾਲ ਵੀ ਸਰਕਾਰ ਜਾਣੂ ਹੈ।

ਸਰਕਾਰੀ ਸਕੂਲਾਂ ਵਿੱਚ ਬਿਜਲੀ ਅਤੇ ਸੋਲਰ ਪ੍ਰੋਜੈਕਟ ਦਾ ਮੁੱਦਾ

ਪਠਾਣਮਾਜਰਾ ਨੇ ਸਰਕਾਰੀ ਸਕੂਲਾਂ ਵਿੱਚ ਬਿਜਲੀ ਦੀ ਘਾਟ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਕਈ ਸਕੂਲਾਂ ਵਿੱਚ ਐਨਆਰਆਈਆਂ ਦੇ ਸਹਿਯੋਗ ਨਾਲ ਏਸੀ ਤਾਂ ਲਗਾ ਦਿੱਤੇ ਗਏ ਹਨ ਪਰ ਬਿਜਲੀ ਨਾ ਹੋਣ ਕਾਰਨ ਉਹ ਸਿਰਫ਼ ਸ਼ੋਅਪੀਸ ਬਣ ਕੇ ਰਹਿ ਗਏ ਹਨ।

ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਸਕੂਲਾਂ ਵਿੱਚ ਸੋਲਰ ਸਿਸਟਮ ਲਗਾਉਣ ਲਈ ਵਚਨਬੱਧ ਹੈ, ਜਦਕਿ ਬਿਜਲੀ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੇ ਭਰੋਸਾ ਦਿੱਤਾ ਕਿ ਬਿਜਲੀ ਬਿੱਲ ਬਕਾਇਆ ਹੋਣ ਦੇ ਬਾਵਜੂਦ ਕਿਸੇ ਵੀ ਸਰਕਾਰੀ ਸਕੂਲ ਦਾ ਕੁਨੈਕਸ਼ਨ ਨਹੀਂ ਕੱਟਿਆ ਜਾਵੇਗਾ।

ਗੁਰਬਾਣੀ ਪ੍ਰਸਾਰਣ 'ਤੇ ਇੰਦਰਬੀਰ ਸਿੰਘ ਨਿੱਜਰ ਦੀਆਂ ਅਹਿਮ ਮੰਗਾਂ

ਆਮ ਆਦਮੀ ਪਾਰਟੀ ਦੇ ਵਿਧਾਇਕ ਇੰਦਰਬੀਰ ਸਿੰਘ ਨਿੱਜਰ ਨੇ ਗੁਰਬਾਣੀ ਦੇ ਪ੍ਰਸਾਰਣ ਨਾਲ ਜੁੜੇ ਕਈ ਮੁੱਦੇ ਸਦਨ ਵਿੱਚ ਉਠਾਏ। ਉਨ੍ਹਾਂ ਕਿਹਾ ਕਿ ਗੁਰਬਾਣੀ ਦਾ ਪ੍ਰਸਾਰਣ ਸਿੱਖ ਮਰਿਆਦਾ ਅਨੁਸਾਰ ਸਾਰੇ ਚੈਨਲਾਂ ਲਈ ਨਿਰਪੱਖ ਅਤੇ ਮੁਫ਼ਤ ਹੋਣਾ ਚਾਹੀਦਾ ਹੈ ਅਤੇ ਇਸ ਦਾ ਕਿਸੇ ਵੀ ਤਰ੍ਹਾਂ ਵਪਾਰੀਕਰਨ ਨਹੀਂ ਹੋਣਾ ਚਾਹੀਦਾ।

ਨਿੱਜਰ ਨੇ ਇਹ ਵੀ ਮੰਗ ਕੀਤੀ ਕਿ:

  • ਗੁਰਬਾਣੀ ਪ੍ਰਸਾਰਣ ਵਿੱਚ ਕਿਸੇ ਵੀ ਤਰ੍ਹਾਂ ਦੀ ਕਥਿਤ ਏਕਾਧਿਕਾਰ ਪ੍ਰਣਾਲੀ ਖ਼ਤਮ ਕੀਤੀ ਜਾਵੇ।

  • ਜੇਕਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਥਿਤ ਤੌਰ 'ਤੇ ਵਿੱਤੀ ਨੁਕਸਾਨ ਹੋਇਆ ਹੈ ਤਾਂ ਉਸ ਦੀ ਭਰਪਾਈ ਕੀਤੀ ਜਾਵੇ।

  • ਕਥਿਤ 7.5 ਕਰੋੜ ਰੁਪਏ ਦੀ ਬਕਾਇਆ ਰਕਮ ਦੀ ਵਸੂਲੀ ਕੀਤੀ ਜਾਵੇ।

  • ਐੱਸ.ਜੀ.ਪੀ.ਸੀ. ਆਪਣਾ ਸੁਤੰਤਰ ਪ੍ਰਸਾਰਣ ਢਾਂਚਾ ਵਿਕਸਿਤ ਕਰੇ ਤਾਂ ਜੋ ਭਵਿੱਖ ਵਿੱਚ ਬਾਹਰੀ ਨਿਰਭਰਤਾ ਘਟੇ।

  • ਸਿੱਖ ਜੁਡੀਸ਼ੀਅਲ ਕਮਿਸ਼ਨ ਦੇ ਚੇਅਰਮੈਨ ਦੀ ਜਲਦੀ ਨਿਯੁਕਤੀ ਅਤੇ ਐੱਸ.ਜੀ.ਪੀ.ਸੀ. ਦੀਆਂ ਚੋਣਾਂ ਸਮੇਂ ਸਿਰ ਕਰਵਾਈਆਂ ਜਾਣ।

ਉਨ੍ਹਾਂ ਕਿਹਾ ਕਿ ਗੁਰਬਾਣੀ ਪੂਰੀ ਸਿੱਖ ਕੌਮ ਦੀ ਸਾਂਝੀ ਆਸਥਾ ਹੈ ਅਤੇ ਇਸ ਨਾਲ ਜੁੜੇ ਹਰ ਫ਼ੈਸਲੇ ਵਿੱਚ ਪਾਰਦਰਸ਼ਤਾ, ਸਿੱਖ ਮਰਿਆਦਾ ਅਤੇ ਸੰਗਤ ਦੀਆਂ ਭਾਵਨਾਵਾਂ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ।