The Shiromani Committee will observe the 100th martyrdom centenary of S. Teja Singh Samundri on July 17.
The event will be held at Teja Singh Samundri Hall, established in his memory at the Shiromani Committee office.

ਅੰਮ੍ਰਿਤਸਰ, 9 ਜੁਲਾਈ-
ਗੁਰਦੁਆਰਾ ਸੁਧਾਰ ਲਹਿਰ ਅਤੇ ਅਕਾਲੀ ਲਹਿਰ ਦੇ ਪ੍ਰਮੁੱਖ ਆਗੂ ਸ. ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 17 ਜੁਲਾਈ ਨੂੰ ਉਨ੍ਹਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਥਾਪਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਮਨਾਈ ਜਾਵੇਗੀ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ 15 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਜਿਸ ਦੇ ਭੋਗ ਉਪਰੰਤ 17 ਜੁਲਾਈ ਨੂੰ ਸਮਾਗਮ ਹੋਵੇਗਾ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਤੇਜਾ ਸਿੰਘ ਸਮੁੰਦਰੀ ਨੇ ਗੁਰਦੁਆਰਿਆਂ ਦੇ ਸੁਤੰਤਰ ਪ੍ਰਬੰਧ ਅਤੇ ਪੰਥਕ ਸਿਧਾਂਤਾਂ ਦੀ ਰੱਖਿਆ ਲਈ ਆਪਣਾ ਸਮੁੱਚਾ ਜੀਵਨ ਸਮਰਪਿਤ ਕੀਤਾ। ਸ਼੍ਰੋਮਣੀ ਕਮੇਟੀ ਦੀ ਸਥਾਪਨਾ ਵਿਚ ਵੀ ਉਨ੍ਹਾਂ ਦਾ ਮਹੱਤਵਪੂਰਨ ਯੋਗਦਾਨ ਸੀ। ਉਨ੍ਹਾਂ ਕਿਹਾ ਕਿ ਸ. ਤੇਜਾ ਸਿੰਘ ਸਮੁੰਦਰੀ ਦੀ ਸ਼ਹਾਦਤ ਸਿੱਖ ਇਤਿਹਾਸ ਦਾ ਅਜਿਹਾ ਸੁਨਹਿਰੀ ਅਧਿਆਇ ਹੈ, ਜੋ ਹਰ ਪੀੜ੍ਹੀ ਨੂੰ ਸੱਚ, ਨਿਆਂ, ਨਿਸ਼ਕਾਮ ਸੇਵਾ ਅਤੇ ਕੌਮੀ ਚੇਤਨਾ ਲਈ ਪ੍ਰੇਰਿਤ ਕਰਦਾ ਰਹੇਗਾ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੇ ਸ਼ਹੀਦਾਂ ਨੂੰ ਹਮੇਸ਼ਾ ਸਤਿਕਾਰ ਨਾਲ ਯਾਦ ਕਰਦੀ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਸ. ਤੇਜਾ ਸਿੰਘ ਸਮੁੰਦਰੀ ਦੀ ਯਾਦ ਵਿੱਚ ਸਥਾਪਤ ਹਾਲ ਉਨ੍ਹਾਂ ਦੇ ਸਿੱਖ ਕੌਮ ਲਈ ਪਾਏ ਮਹੱਤਵਪੂਰਨ ਯੋਗਦਾਨ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸ. ਸਮੁੰਦਰੀ ਦੀ ਯਾਦ ਵਿਚ ਸਮਾਗਮ ਦੌਰਾਨ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਸ਼ਮੂਲੀਅਤ ਕਰਕੇ ਉਨ੍ਹਾਂ ਦੇ ਜੀਵਨ ਨਾਲ ਸਬੰਧਤ ਵਿਚਾਰ ਸਾਂਝੇ ਕਰਨਗੀਆਂ। 
 
 
ਸਿੱਖਾਂ ਨਾਲ ਹੋਈਆਂ ਵਧੀਕੀਆਂ ਨੂੰ ਬਿਆਨ ਕਰਦੀ ਫਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ 10 ਜੁਲਾਈ ਨੂੰ ਕੀਤਾ ਜਾਵੇਗਾ ਰੋਸ ਮਾਰਚ
ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸਿੱਖਾਂ ਨਾਲ ਹੋਈਆਂ ਵਧੀਕੀਆਂ ਨੂੰ ਬਿਆਨ ਕਰਦੀ ਫ਼ਿਲਮ ‘ਸਤਲੁਜ’ ’ਤੇ ਰੋਕ ਲਗਾਉਣ ਦੇ ਵਿਰੋਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਲਕੇ 10 ਜੁਲਾਈ ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੱਕ ਰੋਸ ਮਾਰਚ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਫਿਲਮ ਸਤਲੁਜ ਵਿਚ ਜਿਥੇ ਭਾਈ ਜਸਵੰਤ ਸਿੰਘ ਖਾਲੜਾ ਵੱਲੋਂ ਮਨੁੱਖੀ ਅਧਿਕਾਰਾਂ ਲਈ ਕੀਤੇ ਕਾਰਜਾਂ ਨੂੰ ਬਿਆਨ ਕੀਤਾ ਗਿਆ ਹੈ, ਉਥੇ ਇਸ ਫਿਲਮ ਵਿਚ ਸਿੱਖ ਨੌਜੁਆਨਾਂ ਨਾਲ ਹੋਏ ਪੁਲਿਸ ਅੱਤਿਆਚਾਰਾਂ ਨੂੰ ਵੀ ਦਰਸਾਇਆ ਗਿਆ ਹੈ। ਭਾਈ ਜਸਵੰਤ ਸਿੰਘ ਖਾਲੜਾ ਨੇ ਉਨ੍ਹਾਂ ਬੇਕਸੂਰ ਨੌਜੁਆਨਾਂ ਨੂੰ ਇਨਸਾਫ਼ ਦਵਾਉਣ ਲਈ ਸੰਘਰਸ਼ ਕੀਤਾ, ਜਿਨ੍ਹਾਂ ਦੇ ਪੁਲਿਸ ਨੇ ਝੂਠੇ ਮੁਕਾਬਲੇ ਬਣਾਏ। ਇਸ ਫਿਲਮ ਨੇ ਸਰਕਾਰੀ ਪ੍ਰਬੰਧ ਵੱਲੋਂ ਸਿੱਖਾਂ ਨਾਲ ਕੀਤੀਆਂ ਵਧੀਕੀਆਂ ਨੂੰ ਜਗ-ਜਾਹਿਰ ਕੀਤਾ ਹੈ। ਸਰਕਾਰ ਨੇ ਇਸ ਫਿਲਮ ’ਤੇ ਰੋਕ ਲਗਾ ਕੇ ਸੱਚ ਦੀ ਅਵਾਜ਼ ਨੂੰ ਦਬਾਉਣ ਦਾ ਯਤਨ ਕੀਤਾ ਹੈ, ਜੋ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ। ਉਨ੍ਹਾਂ ਕਿਹਾ ਕਿ ਸ਼੍ਰੋੋਮਣੀ ਕਮੇਟੀ ਇਸ ਸਬੰਧੀ ਆਪਣਾ ਰੋਸ ਜਾਹਿਰ ਕਰਨ ਅਤੇ ਸਰਕਾਰ ਤੱਕ ਅਵਾਜ਼ ਪਹੁੰਚਾਉਣ ਲਈ ਭਲਕੇ 10 ਜੁਲਾਈ ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੱਕ ਰੋਸ ਮਾਰਚ ਕਰੇਗੀ ਅਤੇ ਇਸ ਸਬੰਧੀ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਜਾਵੇਗਾ।