Bullying of Sikh youth will not be tolerated, demand for high-level investigation into Karanprayag case
ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ ਦੇ ਕਰਨਪ੍ਰਯਾਗ ਵਿਖੇ ਸਿੱਖ ਨੌਜਵਾਨਾਂ ਨਾਲ ਵਾਪਰੀ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਉਤਰਾਖੰਡ ਸਰਕਾਰ ਨੂੰ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਲਈ ਜਾਣ ਵਾਲੀ ਸਿੱਖ ਸੰਗਤ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਹੈ।
ਜਥੇਦਾਰ ਗੜਗੱਜ ਨੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਪ੍ਰਬੰਧਕ ਟ੍ਰਸਟ ਦੇ ਨੁਮਾਇੰਦਿਆਂ ਨੂੰ ਵੀ ਸਖ਼ਤ ਸ਼ਬਦਾਂ ਵਿੱਚ ਤਾੜਨਾ ਕਰਦਿਆਂ ਕਿਹਾ ਕਿ ਸਿੱਖਾਂ ਨੂੰ ਸ਼ਸਤਰ ਛੱਡ ਕੇ ਯਾਤਰਾ ’ਤੇ ਆਉਣ ਲਈ ਕਹਿਣਾ ਬਹੁਤ ਹੀ ਮੰਦਭਾਗਾ ਅਤੇ ਅਣਉਚਿਤ ਹੈ। ਉਨ੍ਹਾਂ ਕਿਹਾ ਕਿ ਟ੍ਰਸਟ ਦੇ ਅਹੁਦੇਦਾਰਾਂ ਤੋਂ ਜਲਦ ਹੀ ਉਨ੍ਹਾਂ ਦੀ ਕਾਰਗੁਜ਼ਾਰੀ ਸਬੰਧੀ ਜਵਾਬ ਤਲਬੀ ਕੀਤੀ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਟ੍ਰਸਟ ਦੀ ਮੁੱਢਲੀ ਜ਼ਿੰਮੇਵਾਰੀ ਹੈ ਕਿ ਉਹ ਉਤਰਾਖੰਡ ਸਰਕਾਰ ਨਾਲ ਤਾਲਮੇਲ ਕਰਕੇ ਇਹ ਯਕੀਨੀ ਬਣਾਵੇ ਕਿ ਯਾਤਰਾ ਦੌਰਾਨ ਕਿਸੇ ਵੀ ਸਿੱਖ ਸ਼ਰਧਾਲੂ ਨਾਲ ਕੋਈ ਧੱਕਾ ਜਾਂ ਵਿਤਕਰਾ ਨਾ ਹੋਵੇ।
ਕਰਨਪ੍ਰਯਾਗ ਘਟਨਾ ਸਬੰਧੀ ਬੋਲਦਿਆਂ ਜਥੇਦਾਰ ਗੜਗੱਜ ਨੇ ਉਤਰਾਖੰਡ ਪੁਲਿਸ ਦੀ ਕਾਰਵਾਈ ਨੂੰ ਇਕਪਾਸੜ ਅਤੇ ਨਿੰਦਣਯੋਗ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇੱਕ ਆਮ ਝਗੜੇ ਦੇ ਮਾਮਲੇ ਵਿੱਚ ਸਿੱਖ ਨੌਜਵਾਨਾਂ ਵਿਰੁੱਧ ਸਖ਼ਤ ਧਾਰਾਵਾਂ ਤਹਿਤ ਪਰਚੇ ਦਰਜ ਕਰਨਾ, ਹਿਰਾਸਤ ਦੌਰਾਨ ਕੁੱਟਮਾਰ ਕਰਨਾ ਅਤੇ ਦਸਤਾਰਾਂ ਉਤਾਰ ਕੇ ਉਨ੍ਹਾਂ ਦੀ ਜਨਤਕ ਪਰੇਡ ਕਰਨਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀ ਪੁਲਿਸ ਅਧਿਕਾਰੀਆਂ ਵਿਰੁੱਧ ਸਿੱਖ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਸਖ਼ਤ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲਾਂ ਸਥਾਨਕ ਲੋਕਾਂ ਵੱਲੋਂ ਸਿੱਖ ਨੌਜਵਾਨਾਂ ’ਤੇ ਹਮਲਾ ਕੀਤਾ ਗਿਆ ਸੀ, ਜਿਸ ਤੋਂ ਬਾਅਦ ਸਿੱਖਾਂ ਨੇ ਆਪਣੀ ਆਤਮ ਰੱਖਿਆ ਲਈ ਕਿਰਪਾਨ ਦੀ ਵਰਤੋਂ ਕੀਤੀ। ਜਥੇਦਾਰ ਗੜਗੱਜ ਨੇ ਕਿਹਾ ਕਿ ਦਸਤਾਰ ਅਤੇ ਕਿਰਪਾਨ ਸਿੱਖ ਧਰਮ ਦੇ ਅਟੁੱਟ ਅੰਗ ਹਨ ਅਤੇ ਗ੍ਰਿਫ਼ਤਾਰੀ ਤੋਂ ਬਾਅਦ ਦਸਤਾਰ ਉਤਾਰ ਕੇ ਕਿਸੇ ਸਿੱਖ ਨੂੰ ਬੇਇੱਜ਼ਤ ਕਰਨਾ ਲੋਕਤੰਤਰ ਅਤੇ ਸੰਵਿਧਾਨਕ ਮਰਿਆਦਾਵਾਂ ਦੇ ਖ਼ਿਲਾਫ਼ ਹੈ।
ਉਨ੍ਹਾਂ ਉਤਰਾਖੰਡ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਸੂਬੇ ਅੰਦਰ ਸਿੱਖਾਂ ਨਾਲ ਧੱਕੇਸ਼ਾਹੀ ਅਤੇ ਜਬਰ ਬੰਦ ਕੀਤਾ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਪ੍ਰਸ਼ਾਸਨ ਸਥਾਨਕ ਭੜਕਾਊ ਤੱਤਾਂ ਦੇ ਦਬਾਅ ਹੇਠ ਇਕਪਾਸੜ ਕਾਰਵਾਈ ਕਰ ਰਿਹਾ ਹੈ, ਜਦਕਿ ਸੋਸ਼ਲ ਮੀਡੀਆ ਅਤੇ ਹੋਰ ਮੰਚਾਂ ’ਤੇ ਸਿੱਖਾਂ ਵਿਰੁੱਧ ਕੀਤੀ ਜਾ ਰਹੀ ਭੜਕਾਊ ਬਿਆਨਬਾਜ਼ੀ ਦਾ ਕੋਈ ਨੋਟਿਸ ਨਹੀਂ ਲਿਆ ਜਾ ਰਿਹਾ।
ਜਥੇਦਾਰ ਗੜਗੱਜ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਪਹਿਲਾਂ ਹਿਮਾਚਲ ਪ੍ਰਦੇਸ਼ ਵਿੱਚ ਵੀ ਵਾਪਰ ਚੁੱਕੀਆਂ ਹਨ ਪਰ ਪੰਜਾਬ ਸਰਕਾਰ ਨੇ ਸਿੱਖਾਂ ਦੇ ਹੱਕ ਵਿੱਚ ਕੋਈ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕਿਆ। ਉਨ੍ਹਾਂ ਕਿਹਾ ਕਿ ਸਿੱਖ ਕੌਮ ਹੁਣ ਆਪਣੇ ਮਸਲਿਆਂ ਨੂੰ ਆਪ ਨਜਿੱਠਣ ਲਈ ਤਿਆਰ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਅਣਦੇਖੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਸ੍ਰੀ ਹੇਮਕੁੰਟ ਸਾਹਿਬ ਯਾਤਰਾ ’ਤੇ ਜਾਣ ਵਾਲੇ ਸਿੱਖਾਂ ਨੂੰ ਤਿਆਰ-ਬਰ-ਤਿਆਰ ਰਹਿਣ, ਗੁਰਸਿੱਖੀ ਸਰੂਪ ਅਤੇ ਮਰਿਆਦਾ ਅਨੁਸਾਰ ਇਕਜੁੱਟ ਹੋ ਕੇ ਯਾਤਰਾ ਕਰਨ ਦੀ ਅਪੀਲ ਕੀਤੀ। ਨਾਲ ਹੀ ਉਨ੍ਹਾਂ ਨੌਜਵਾਨਾਂ ਨੂੰ ਕਾਨੂੰਨ ਆਪਣੇ ਹੱਥ ਵਿੱਚ ਨਾ ਲੈਣ ਅਤੇ ਹਰ ਤਰ੍ਹਾਂ ਦੀ ਭੜਕਾਹਟ ਤੋਂ ਬਚਣ ਦੀ ਸਲਾਹ ਦਿੱਤੀ।
ਜਥੇਦਾਰ ਗੜਗੱਜ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਆਦੇਸ਼ ਦਿੱਤਾ ਕਿ ਕਰਨਪ੍ਰਯਾਗ ਮਾਮਲੇ ਵਿੱਚ ਗ੍ਰਿਫ਼ਤਾਰ ਸਿੱਖ ਨੌਜਵਾਨਾਂ ਦੀ ਕਾਨੂੰਨੀ ਸਹਾਇਤਾ ਲਈ ਤੁਰੰਤ ਕਦਮ ਚੁੱਕੇ ਜਾਣ। ਉਨ੍ਹਾਂ ਸਿੱਖ ਯਾਤਰੀਆਂ ਨੂੰ ਅਪੀਲ ਕੀਤੀ ਕਿ ਜੇਕਰ ਹਿਮਾਚਲ ਪ੍ਰਦੇਸ਼ ਜਾਂ ਉਤਰਾਖੰਡ ਵਿੱਚ ਕਿਸੇ ਵੀ ਸਿੱਖ ਨਾਲ ਕੋਈ ਧੱਕਾ ਹੁੰਦਾ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਨੂੰ ਦਿੱਤੀ ਜਾਵੇ।