Pilgrims will not go to Pakistan on the occasion of the birth anniversary of Sri Guru Nanak Dev Ji
ਅੰਮ੍ਰਿਤਸਰ, 15 ਸਤੰਬਰ (ਗੁਰਪ੍ਰੀਤ ਸਿੰਘ ਸੰਧੂ)-
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਣ ਵਾਲਾ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਵਾਰ ਨਹੀਂ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਏ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ, ਪ੍ਰੰਤੂ ਹੁਣ ਸਰਕਾਰ ਵੱਲੋਂ ਸੁਰੱਖਿਆ ਦਾ ਹਵਾਲਾ ਦਿੰਦਿਆਂ ਜਥਾ ਭੇਜਣ ਤੋਂ ਮਨਾਹੀ ਦਾ ਪੱਤਰ ਸੂਬਾ ਸਰਕਾਰਾਂ ਨੂੰ ਭੇਜਿਆ ਗਿਆ ਹੈ। ਇਸ ਦੇ ਮੱਦੇਨਜਰ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਹ ਜਥਾ ਨਾ ਭੇਜਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂ ਵਧੇਰੇ ਜਾਣਕਾਰੀ ਲਈ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਸੰਪਰਕ ਕਰ ਸਕਦੇ ਹਨ।
ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਜਥੇ ਬਾਰੇ ਮਨਾਹੀ ਦੇ ਫੈਸਲੇ ਨਾਲ ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਗਹਿਰੀ ਸੱਟ ਵੱਜੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਆਪਣੇ ਇਸ ਫੈਸਲੇ ਬਾਰੇ ਮੁੜ ਵਿਚਾਰ ਕਰੇ।