Indian government refuses to allow Nankana Sahib pilgrimage due to security concerns
ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ
ਭਾਰਤ ਸਰਕਾਰ ਨੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਜਾ ਰਹੇ ਜਥੇ ਨੂੰ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਦਕਿ ਹਰ ਸਾਲ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਤਿਆਗ ਦਿੱਤੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਪਾਕਿਸਤਾਨ ਜਾਂਦਾ ਹੈ
ਪਰ ਇਸ ਵਾਰ ਭਾਰਤ ਸਰਕਾਰ ਨੇ ਸ਼ਰਧਾਲੂਆਂ ਦੀ ਸੁਰੱਖਿਆ ਦਾ ਹਵਾਲਾ ਦਿੱਤਾ ਹੈ ਅਤੇ ਰਾਸ਼ਟਰੀ ਗ੍ਰਹਿ ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਦੋਵਾਂ ਦੇਸ਼ਾਂ ਵਿਚਕਾਰ ਤਣਾਅ ਅਤੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ, ਇਸ ਵਾਰ ਸ੍ਰੀ ਗੁਰੂ ਨਾਨਕ ਸਾਹਿਬ ਦੇ ਜਨਮ ਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਜਨਮ ਅਸਥਾਨ ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ, ਗੁਰਦੁਆਰਾ ਸ਼ਹੀਦੀ ਅਸਥਾਨ ਸ੍ਰੀ ਗੁਰੂ ਅਰਜਨ ਦੇਵ ਜੀ, ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਰਾਵਲਪਿੰਡੀ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਨਾਰੋਵਾਲ, ਗੁਰਦੁਆਰਾ ਸੱਚਾ ਸੌਦਾ ਚੁੜਕਾਣਾ ਅਤੇ ਗੁਰਦੁਆਰਾ ਰੋੜੀ ਸਾਹਿਬ ਫਾਰੂਖਾਬਾਦ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।
ਇਸ ਬਾਰੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਅਪਮਾਨ ਹੈ। ਉਹਨਾ ਕਿਹਾ ਕਿ ਜੇਕਰ ਕ੍ਰਿਕਟ ਮੈਚ ਲਈ ਦੋਵਾਂ ਦੇਸ਼ਾਂ ਵਿਚਾਲੇ ਸਬੰਧ ਬਣਾਏ ਜਾ ਸਕਦੇ ਹਨ ਤਾਂ ਨਨਕਾਣਾ ਸਾਹਿਬ ਦੀ ਯਾਤਰਾ ਲਈ ਕਿਉਂ ਨਹੀਂ।
ਜ਼ਿਕਰਯੋਗ ਹੈ ਕਿ ਹਰ ਸਾਲ ਸਿੱਖ ਸ਼ਰਧਾਲੂਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਨਨਕਾਣਾ ਸਾਹਿਬ ਸਿੱਖ ਯਾਤਰੀ ਜਥਾ, ਖਾਲੜਾ ਮਿਸ਼ਨ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਿਆਣਾ ਕਮੇਟੀ ਅਤੇ ਕਈ ਹੋਰ ਸਿੱਖ ਸੰਗਠਨਾਂ ਵੱਲੋਂ ਵੀਜ਼ਾ ਲੈ ਕੇ ਵੱਖ-ਵੱਖ ਗੁਰਦੁਆਰਿਆਂ ਦੇ ਦਰਸ਼ਨ ਕਰਨ ਲਈ ਪਾਕਿਸਤਾਨ ਭੇਜਿਆ ਜਾਂਦਾ ਹੈ।