Advocate Dhami expresses grief over the demise of S. Jasjit Singh Samundri
ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ
ਸਾਬਕਾ ਅਮਰੀਕੀ ਰਾਜਦੂਤ ਅਤੇ ਭਾਜਪਾ ਆਗੂ ਸ. ਤਰਨਜੀਤ ਸਿੰਘ ਸੰਧੂ ਦੇ ਵੱਡੇ ਭਰਾ ਅਤੇ ਸਾਬਕਾ ਸੀਨੀਅਰ ਜੰਗਲਾਤ ਅਧਿਕਾਰੀ ਜੀਓਪੀ ਸਮੁੰਦਰੀ ਜਸਜੀਤ ਸਿੰਘ ਆਈਐਫਐਸ ਦਾ ਅੱਜ ਸਵੇਰੇ ਕੈਨੇਡਾ ਵਿੱਚ ਦੇਹਾਂਤ ਹੋ ਗਿਆ। ਉਹ ਲੰਬੀ ਬਿਮਾਰੀ ਕਾਰਨ ਇਲਾਜ ਅਧੀਨ ਸਨ। ਉਹ ਆਪਣੇ ਪਿੱਛੇ ਆਪਣੀ ਪਤਨੀ ਅਤੇ ਦੋ ਧੀਆਂ ਛੱਡ ਗਏ ਹਨ। ਉਹ 72 ਸਾਲ ਦੇ ਸਨ।
ਉਹ ਬਿਸ਼ਨ ਸਿੰਘ ਸਮੁੰਦਰੀ ਦੇ ਪੁੱਤਰ ਅਤੇ ਤੇਜਾ ਸਿੰਘ ਸਮੁੰਦਰੀ ਦੇ ਪੋਤੇ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਸ਼ਖ਼ਸੀਅਤ ਸ. ਤੇਜਾ ਸਿੰਘ ਸਮੁੰਦਰੀ ਦੇ ਪੋਤਰੇ ਸਾਬਕਾ ਆਈਐਫਐਸ ਅਧਿਕਾਰੀ ਸ. ਜਸਜੀਤ ਸਿੰਘ ਸਮੁੰਦਰੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਤੇਜਾ ਸਿੰਘ ਸਮੁੰਦਰੀ ਦਾ ਸਿੱਖ ਕੌਮ ਅੰਦਰ ਵੱਡਾ ਸਤਿਕਾਰ ਹੈ, ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਅਤੇ ਸਿੱਖ ਮੋਰਚਿਆਂ ਵਿਚ ਵੱਡਾ ਹਿੱਸਾ ਪਾਇਆ। ਉਨ੍ਹਾਂ ਕਿਹਾ ਕਿ ਸ. ਸਮੁੰਦਰੀ ਦੇ ਪਰਿਵਾਰ ਨੇ ਵੀ ਪ੍ਰਸ਼ਾਨਨਿਕ ਤੇ ਸਮਾਜਿਕ ਤੌਰ ’ਤੇ ਵੱਡੀਆਂ ਜ਼ੁੰਮੇਵਾਰੀਆਂ ਨਿਭਾਈਆਂ ਹਨ। ਉਨ੍ਹਾਂ ਦੇ ਪੋਤਰੇ ਸ. ਜਸਜੀਤ ਸਿੰਘ ਸਮੁੰਦਰੀ ਦਾ ਅਕਾਲ ਚਲਾਣਾ ਪਰਿਵਾਰ ਅਤੇ ਸਮਾਜ ਲਈ ਵੱਡਾ ਘਾਟਾ ਹੈ।
ਐਡਵੋਕੇਟ ਧਾਮੀ ਨੇ ਇਸ ਦੁੱਖ ਦੀ ਘੜੀ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।