ਥਾਈਲੈਂਡ ’ਚ ਬਜ਼ੁਰਗ ਸਿੱਖ ਵਿਅਕਤੀ ਦੀ ਦਸਤਾਰ ਉਤਾਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿਖੇਧੀ
Advocate Dhami condemns the removal of an elderly Sikh man's turban in Thailand.
- ਕਿਹਾ; ਵਿਦੇਸ਼ਾਂ ’ਚ ਸਿੱਖਾਂ ਦੀ ਸੁਰੱਖਿਆ ਤੇ ਸਨਮਾਨ ਨੂੰ ਯਕੀਨੀ ਬਣਾਉਣਾ ਸਬੰਧਤ ਸਰਕਾਰਾਂ ਦੀ ਜ਼ਿੰਮੇਵਾਰੀ
ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ :
ਥਾਈਲੈਂਡ ਵਿਚ ਇੱਕ ਬਜ਼ੁਰਗ ਵਿਅਕਤੀ ਨਾਲ ਕੁੱਟਮਾਰ ਕੀਤੇ ਜਾਣ ਅਤੇ ਉਸ ਦੀ ਦਸਤਾਰ ਉਤਾਰੇ ਜਾਣ ਸਬੰਧੀ ਸੋਸ਼ਲ ਮੀਡੀਆ ’ਤੇ ਸਾਹਮਣੇ ਆ ਰਹੀ ਵੀਡੀਓ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਨੂੰ ਬੇਹੱਦ ਮੰਦਭਾਗਾ ਅਤੇ ਚਿੰਤਾਜਨਕ ਆਖਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬਜ਼ੁਰਗ ਸਿੱਖ ਦੀ ਦਸਤਾਰ ਦੀ ਜਾਣਬੁੱਝ ਕੇ ਬੇਅਦਬੀ ਕਰਨਾ ਅਤੇ ਉਸ ਨਾਲ ਮਾਰਕੁਟਾਈ ਕੀਤੇ ਜਾਣ ਦੀ ਘਟਨਾ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਹੈ। ਉਨ੍ਹਾਂ ਕਿਹਾ ਕਿ ਦਸਤਾਰ ਸਿੱਖ ਦੀ ਪਛਾਣ ਅਤੇ ਸਤਿਕਾਰ ਦਾ ਪ੍ਰਤੀਕ ਹੈ, ਇਸ ਲਈ ਇਸ ਨਾਲ ਕਿਸੇ ਵੀ ਤਰ੍ਹਾਂ ਦੀ ਅਪਮਾਨਜਨਕ ਹਰਕਤ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ। ਉਨ੍ਹਾਂ ਜਿਥੇ ਭਾਰਤ ਦੇ ਵਿਦੇਸ਼ ਮੰਤਰੀ ਨੂੰ ਇਹ ਮਾਮਲਾ ਕੂਟਨੀਤਕ ਤੌਰ ’ਤੇ ਥਾਈਲੈਂਡ ਸਰਕਾਰ ਕੋਲ ਉਠਾਉਣ ਲਈ ਆਖਿਆ, ਉਥੇ ਹੀ ਥਾਈਲੈਂਡ ਦੇ ਸਬੰਧਤ ਅਧਿਕਾਰੀਆਂ ਨੂੰ ਵੀ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਅਪੀਲ ਕੀਤੀ।
ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਕਿ ਥਾਈਲੈਂਡ ਸਥਿਤ ਭਾਰਤੀ ਦੂਤਾਵਾਸ ਰਾਹੀਂ ਮਾਮਲੇ ਦੀ ਜਾਣਕਾਰੀ ਲੈ ਕੇ ਪੀੜਤ ਨੂੰ ਲੋੜੀਂਦੀ ਕਾਨੂੰਨੀ ਅਤੇ ਕੌਂਸਲਰ ਸਹਾਇਤਾ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਅਤੇ ਯਾਤਰਾ ਕਰਦੇ ਸਿੱਖਾਂ ਦੀ ਸੁਰੱਖਿਆ, ਧਾਰਮਿਕ ਪਛਾਣ ਅਤੇ ਸਨਮਾਨ ਨੂੰ ਯਕੀਨੀ ਬਣਾਉਣਾ ਸਬੰਧਤ ਸਰਕਾਰਾਂ ਦੀ ਜ਼ਿੰਮੇਵਾਰੀ ਹੈ।
ਦਿੱਲੀ ਦੇ ਇਕ ਸਟੇਡੀਅਮ ’ਚ ਸਿੱਖ ਬੱਚਿਆਂ ਨੂੰ ਕੜਾ ਪਹਿਨਣ ਕਾਰਨ ਰੋਕਣ ਦੀ ਵੀ ਕੀਤੀ ਨਿੰਦਾ
ਇਸੇ ਦੌਰਾਨ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿਖੇ ਕ੍ਰਿਕਟ ਮੈਚ ਦੇਖਣ ਗਏ ਸਿੱਖ ਬੱਚਿਆਂ ਨੂੰ ਕੜਾ ਪਾਇਆ ਹੋਣ ਕਾਰਨ ਅੰਦਰ ਜਾਣ ਤੋਂ ਰੋਕਣ ਦੇ ਮਾਮਲੇ ਦੀ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਆਖਿਆ ਕਿ ਕੜਾ ਸਿੱਖ ਕਕਾਰਾਂ ਦਾ ਅਹਿਮ ਹਿੱਸਾ ਅਤੇ ਸਿੱਖ ਦੀ ਧਾਰਮਿਕ ਪਛਾਣ ਦਾ ਅਟੁੱਟ ਅੰਗ ਹੈ। ਕਿਸੇ ਸਿੱਖ ਬੱਚੇ ਨੂੰ ਸਿਰਫ਼ ਕੜਾ ਪਾਉਣ ਕਰਕੇ ਕਿਸੇ ਜਨਤਕ ਸਥਾਨ ਜਾਂ ਖੇਡ ਮੈਦਾਨ ਵਿੱਚ ਦਾਖ਼ਲ ਹੋਣ ਤੋਂ ਰੋਕਣਾ ਕਦੇ ਵੀ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸੁਰੱਖਿਆ ਪ੍ਰਬੰਧਾਂ ਦੇ ਨਾਮ ’ਤੇ ਕਿਸੇ ਵੀ ਵਿਅਕਤੀ ਨਾਲ ਅਜਿਹਾ ਵਤੀਰਾ ਨਹੀਂ ਹੋਣਾ ਚਾਹੀਦਾ, ਜਿਸ ਨਾਲ ਕਿਸੇ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੇ।
ਉਨ੍ਹਾਂ ਕਿਹਾ ਕਿ ਭਾਰਤ ਦਾ ਸੰਵਿਧਾਨ ਹਰੇਕ ਨਾਗਰਿਕ ਨੂੰ ਆਪਣੇ ਧਰਮ ਦੀ ਪਾਲਣਾ ਕਰਨ ਅਤੇ ਧਾਰਮਿਕ ਪਛਾਣ ਕਾਇਮ ਰੱਖਣ ਦੀ ਆਜ਼ਾਦੀ ਦਿੰਦਾ ਹੈ ਅਤੇ ਦੇਸ਼ ਦੀ ਰਾਜਧਾਨੀ ਵਿਚ ਵਿਚ ਅਜਿਹਾ ਹੋਣਾ ਹੋਰ ਵੀ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀਆਂ ਨੂੰ ਇਸ ਘਟਨਾ ਦਾ ਤੁਰੰਤ ਨੋਟਿਸ ਲੈਂਦਿਆਂ ਮਾਮਲੇ ਦੀ ਜਾਂਚ ਕਰਨੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਭਵਿੱਖ ਵਿੱਚ ਸਿੱਖਾਂ ਨੂੰ ਕਕਾਰਾਂ ਸਮੇਤ ਕਿਤੇ ਜਾਣ ਸਮੇਂ ਵਿਤਕਰੇ ਜਾਂ ਰੋਕ ਦਾ ਸਾਹਮਣਾ ਨਾ ਕਰਨਾ ਪਵੇ। ਐਡਵੋਕੇਟ ਧਾਮੀ ਨੇ ਸਬੰਧਤ ਅਧਿਕਾਰੀਆਂ ਤੋਂ ਸਿੱਖ ਬੱਚਿਆਂ ਨਾਲ ਹੋਏ ਇਸ ਵਤੀਰੇ ਲਈ ਜ਼ਿੰਮੇਵਾਰੀ ਤੈਅ ਕਰਨ ਅਤੇ ਦੋਸ਼ੀ ਮੁਲਾਜ਼ਮ ਖਿਲਾਫ ਕਾਰਵਾਈ ਲਈ ਵੀ ਆਖਿਆ।
ਟੈਗ ਅਤੇ ਜਾਣਕਾਰੀ
KESARI VIRASAT